ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਦੇ ਪਹਿਲੇ ਦਿਨ ਸਵੇਰੇ ਮੁਹਾਲੀ ਦੇ ਗੁਰਦੁਆਰਾ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਉਸ ਤੋਂ ਬਾਅਦ ਉਹ ਆਪਣੇ ਜਨਮ ਸਥਾਨ ਸਤੌਜ ਪੁੱਜੇ। ਇਸ ਤੋਂ ਇਲਾਵਾ ਭਵਾਨੀਗੜ੍ਹ ਬਲਾਕ ਅੰਦਰ ਵੱਖ-ਵੱਖ ਥਾਵਾਂ ‘ਤੇ ਰੁਕ ਕੇ ਲੋਕਾਂ ਦੇ ਰੂਬਰੂ ਹੋ ਕੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਸਵੇਰੇ ਸੰਗਰੂਰ ਜ਼ਿਲ੍ਹੇ ਦੀ ਹਦੂਦ ਅੰਦਰ ਪਿੰਡ ਚੰਨੋਂ ਵਿਖੇ ਦਾਖਲ ਹੋਇਆ ਤਾਂ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਉਨਾਂ ਦਾ ਸਵਾਗਤ ਕੀਤਾ। ਇਸ ਉਪਰੰਤ ਭਗਵੰਤ ਮਾਨ ਵੱਲੋਂ ਅਨਾਜ ਮੰਡੀ ਭਵਾਨੀਗੜ੍ਹ ਅਤੇ ਪਿੰਡ ਘਰਾਚੋਂ ਵਿਖੇ ਰੁਕੇ। ਇਨਾਂ ਥਾਵਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਉਹ ਮੁੱਖ ਮੰਤਰੀ ਬਣਨ ਉਪਰੰਤ ਵੀ ਪਹਿਲਾਂ ਵਾਂਗ ਹੀ ਲੋਕਾਂ ‘ਚ ਵਿਚਰਦੇ ਹਨ ਕਿਉਂਕਿ ਇਹ ਸਭ ਤਾਕਤ ਲੋਕਾਂ ਦੀ ਹੀ ਬਖਸ਼ੀ ਹੋਈ ਹੈ। ਉਨ੍ਹਾਂ ਵਿਰੋਧੀ ਧਿਰਾਂ ਤੇ ਵਿਅੰਗ ਕਸਦਿਆਂ ਕਿਹਾ ਕਿ ਜੋ ਲੀਡਰ ਲੋਕਾਂ ਦੀ ਤਾਕਤ ਦੀ ਕਦਰ ਨਹੀਂ ਕਰਦੇ, ਲੋਕ ਤਾਕਤ ਉਨ੍ਹਾਂ ਨੂੰ ਘਰਾਂ ‘ਚ ਬਿਠਾ ਦਿੰਦੀ ਹੈ। ਨਵੇਂ ਵਰ੍ਹੇ ਦੀ ਆਮਦ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਿੰਘਾਂ ਸ਼ਹੀਦੇ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ। ਨਵੇਂ ਸਾਲ ਦੇ ਮੌਕੇ ‘ਤੇ ਇਤਿਹਾਸਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਸਥਾਨ ‘ਤੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਤੇ ਪਰਿਵਾਰ ਦੇ ਹੋਰ ਮੈਂਬਰ ਵੀ ਸ਼ਾਮਲ ਰਹੇ। ਦੱਸਣਾ ਬਣਦਾ ਹੈ ਕਿ ਗੁਰਦੁਆਰਾ ਸਿੰਘਾਂ ਸ਼ਹੀਦਾਂ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦਾ ਸ਼ਹੀਦੀ ਅਸਥਾਨ ਹੈ ਜੋ ਕਿ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਹਨ। ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਮੌਕੇ ਆਪਣੀ ਜਨਮ ਭੂਮੀ ਪਿੰਡ ਸਤੌਜ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਤੋਰਨ ਲਈ ਸਿਹਤ, ਸਿੱਖਿਆ ਤੇ ਰੁਜ਼ਗਾਰ ਨੂੰ ਪ੍ਰਮੁੱਖਤਾ ਦੇਣ ਲਈ ਵਿਸ਼ੇਸ਼ ਕਾਰਜ ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਲਦ ਹੀ ਸਰਕਾਰ ਵੱਲੋਂ ਆਪਣੀ ਇਕ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਲਦ ਹੀ ਸਿਹਤ ਸਹੂਲਤਾਂ ਲਈ ਪਿੰਡਾਂ ਤੇ ਸ਼ਹਿਰਾਂ ‘ਚ ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਚੰਗੀ ਸਿੱਖਿਆ ਲਈ ਸੂਬੇ ਦੇ ਸਕੂਲਾਂ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆ ਸਹੂਲਤਾਂ ਮਹੁੱਈਆ ਕਰਵਾਉਣ ਦੇ ਨਾਲ-ਨਾਲ ਬੱਚਿਆਂ ਦੇ ਸਕੂਲ ਆਉਣ ਜਾਣ ਲਈ ਵਾਹਨਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।