ਚੰਡੀਗੜ੍ਹ ‘ਚ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਜੜ੍ਹੋਂ ਪੁੱਟਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੁਰੰਤ ਜ਼ਬਤ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਾਨੂੰਨ ‘ਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕਿਸੇ ਪੁਲੀਸ ਅਧਿਕਾਰੀ ਦੇ ਅਧਿਕਾਰ ਖੇਤਰ ‘ਚ ਨਸ਼ਾ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਨਸ਼ਾ ਤਸਕਰੀ ‘ਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਵਾਉਣੇ ਯਕੀਨੀ ਬਣਾਉਣ। ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਮਾਹੌਲ ਪ੍ਰਦਾਨ ਕਰਨ ‘ਚ ਸਰਕਾਰ ਕੋਈ ਕਸਰ ਨਹੀਂ ਛੱਡੇਗੀ।