ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ, ਜੋ ਕਿ ਬੇਅਦਬੀ ਸਬੰਧੀ ਦਰਜ ਐੱਫ.ਆਈ.ਆਰ. ‘ਚ ਨਾਮਜ਼ਦ ਸੀ, ਦੇ ਕਤਲ ਤੋਂ ਬਾਅਦ ਪੰਜਾਬ ‘ਚ ਡੇਰਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸੇ ਦੌਰਾਨ ਇਸ ਕਤਲ ਕਾਂਡ ਤੋਂ ਫੌਰੀ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ‘ਚ ਲੋਕਾਂ ਦੀ ਸੁਰੱਖਿਆ ਯਕੀਨੀ ਅਤੇ ਪੰਜਾਬ ‘ਚ ਅਮਨ ਸ਼ਾਂਤੀ ਹਰ ਹਾਲਤ ਬਹਾਲ ਰੱਖਣ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਅਮਨ ਕਾਨੂੰਨ ਦੀ ਵਿਵਸਥਾ ਸਬੰਧੀ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਕੀਮਤ ‘ਤੇ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕੋਟਕਪੂਰਾ ‘ਚ ਡੇਰਾ ਸਿਰਸਾ ਦੇ ਪੈਰੋਕਾਰ ਦੇ ਕਤਲ ਮਗਰੋਂ ਉੱਭਰੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ‘ਚ ਤਾੜਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ‘ਤੇ ਲਿਜਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਏਕਤਾ ਅਤੇ ਭਾਈਚਾਰੇ ਨੂੰ ਢਾਹ ਲਾਉਣ ਲਈ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਸ਼ਮਣ ਤਾਕਤਾਂ ਵੱਲੋਂ ਘਟੀਆਂ ਚਾਲਾਂ ਦੇ ਜਰੀਏ ਪੰਜਾਬ ਦੀ ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਅਜਿਹੀਆਂ ਸਾਜ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗੀ। ਇਸੇ ਦੌਰਾਨ ਪੰਜਾਬ, ਖਾਸ ਤੌਰ ‘ਤੇ ਮਾਲਵਾ ਖੇਤਰ ‘ਚ ਡੇਰਾ ਸਿਰਸਾ ਨਾਲ ਜੁੜੇ ਹੋਏ ਸਾਰੇ ਡੇਰਿਆਂ ਦੀ ਸੁਰੱਖਿਆ ਪੰਜਾਬ ਪੁਲੀਸ ਵੱਲੋਂ ਵਧਾ ਦਿੱਤੀ ਗਈ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ਨਾਲ ਜੁੜੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਕੋਟਕਪੂਰਾ ‘ਚ ਹੱਤਿਆ ਕਰ ਦੇਣ ਦੀ ਖ਼ਬਰ ਮਿਲਣ ਮਗਰੋਂ ਇਸ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ। ਪੰਜਾਬ ਪੁਲੀਸ ਵੱਲੋਂ ਡੇਰਿਆਂ ਦੀ ਸੁਰੱਖਿਆ ਦੇ ਨਾਲ-ਨਾਲ ਆਪੋ-ਆਪਣੇ ਖੇਤਰ ‘ਚ ਗਰਮ ਖ਼ਿਆਲੀ ਨੌਜਵਾਨਾਂ ਦੀਆਂ ਹਰਕਤਾਂ ‘ਤੇ ਵੀ ਨਜ਼ਰ ਰੱਖੀ ਜਾਣ ਲੱਗੀ ਹੈ। ਜਾਣਕਾਰੀ ਅਨੁਸਾਰ ਮਾਲਵਾ ਖੇਤਰ ਨਾਲ ਜੁੜੇ ਜ਼ਿਲ੍ਹਿਆਂ ‘ਚ ਡੇਰਾ ਸਿਰਸਾ ਦਾ ਪ੍ਰਭਾਵ ਜ਼ਿਆਦਾ ਹੈ ਤੇ ਇਸ ਖੇਤਰ ‘ਚ ਅੱਜ-ਕੱਲ੍ਹ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਆਨਲਾਈਨ ਨਾਮ ਚਰਚਾ ਵੀ ਹੋਈਆਂ ਹਨ, ਜਿਸ ‘ਚ ਵੱਡੀ ਪੱਧਰ ‘ਤੇ ਡੇਰਾ ਪੈਰੋਕਾਰ ਜੁੜਦੇ ਰਹੇ ਹਨ।