ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲ ਕੇ ਕੇਂਦਰੀ ਜਾਂਚ ਏਜੰਸੀ ਤੋਂ ਮੰਗ ਕਰਵਾਉਣ ਦੀ ਕੀਤੀ ਮੰਗ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਗੈਰਕਾਨੂੰਨੀ ਮਾਈਨਿੰਗ ਅਤੇ ਸ਼ਰਾਬ ਨੀਤੀ ਦੀ ਸੀ.ਬੀ.ਆਈ. ਜਾਂਚ ਮੰਗੀ ਹੈ। ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਅਤੇ ਕੌਮਾਂਤਰੀ ਸਰਹੱਦ ‘ਤੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਮੰਗ ਕੀਤੀ ਹੈ। ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਨਵੀਂ ਆਬਕਾਰੀ ਨੀਤੀ ਦੀ ਜਾਂਚ ਕਰਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੁਰਾਂ ‘ਚ ਤਾਲਮੇਲ ਦਿਖਾਈ ਦੇਣ ਲੱਗਿਆ ਹੈ। ਕਾਂਗਰਸ ਦੇ ਵਫ਼ਦ ਨੇ ਦੋ ਵੱਖ-ਵੱਖ ਮੰਗ ਪੱਤਰ ਸੌਂਪੇ ਹਨ ਜਿਨ੍ਹਾਂ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਸੀਨੀਅਰ ਅਫ਼ਸਰਾਂ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ, ਦਿੱਲੀ ਦੀ ਆਬਕਾਰੀ ਨੀਤੀ ਦੀ ਹੂਬਹੂ ਕਾਪੀ ਹੈ ਅਤੇ ਹੁਣ ਜਦੋਂ ਸੀ.ਬੀ.ਆਈ. ਨੇ ਦਿੱਲੀ ਦੀ ਆਬਕਾਰੀ ਨੀਤੀ ‘ਚ ਗੜਬੜੀਆਂ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੀ ਆਬਕਾਰੀ ਨੀਤੀ ਤਹਿਤ ਹੋਈ ਗੜਬੜ ਦੀ ਜਾਂਚ ਵੀ ਸੀ.ਬੀ.ਆਈ. ਤੋਂ ਕਰਵਾਈ ਜਾਣੀ ਚਾਹੀਦੀ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਠੇਕੇਦਾਰਾਂ ਨੂੰ ਇਸ ਨੀਤੀ ਤਹਿਤ ਆਊਟ ਕਰ ਦਿੱਤਾ ਗਿਆ ਹੈ ਅਤੇ ਬਾਹਰਲੇ ਠੇਕੇਦਾਰਾਂ ਨੂੰ ਕੰਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰਾਂ ਨਾਲ ਗੰਢ-ਤੁਪ ਲਈ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਮੀਟਿੰਗਾਂ ਕਰਦੇ ਰਹੇ ਹਨ। ਸ਼ਰਾਬ ਦਾ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਂਗਰਸੀ ਵਫ਼ਦ ਨੇ ਕੌਮਾਂਤਰੀ ਸਰਹੱਦ ਲਾਗੇ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ ਅਤੇ ਇਸ ਦੀ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ।