ਭਾਜਪਾ ਪੰਜਾਬ ‘ਚ ਲੋਕ ਸਭਾ ਅਤੇ ਨਿਗਮ ਚੋਣਾਂ ਆਪਣੇ ਬਲਬੂਤੇ ਲੜੇਗੀ। ਭਾਜਪਾ ਨੇ ਭਵਿੱਖ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਸੰਭਾਵਨਾ ਤੋਂ ਸਾਫ ਨਾਂਹ ਕਰ ਦਿੱਤੀ ਹੈ। ਇਹ ਦਾਅਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਦੀ ਅਗਵਾਈ ‘ਚ ਅੰਮ੍ਰਿਤਸਰ ਵਿਖੇ ਸੂਬਾ ਕਾਰਜਕਾਰਨੀ ਦੀ ਦੋ ਦਿਨਾ ਮੀਟਿੰਗ ਆਰੰਭ ਹੋਈ। ਮਾਧਵ ਵਿੱਦਿਆ ਨਿਕੇਤਨ ਸਕੂਲ ਦੇ ਵਿਹੜੇ ‘ਚ ਆਰੰਭ ਹੋਈ ਇਸ ਦੋ ਦਿਨਾ ਮੀਟਿੰਗ ਦੇ ਪਹਿਲੇ ਦਿਨ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ, ਜੋ ਦੇਰ ਸ਼ਾਮ ਤੱਕ ਚੱਲੀ। ਅਸ਼ਵਨੀ ਸ਼ਰਮਾ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਦੱਸਿਆ ਕਿ ਮੀਟਿੰਗ ‘ਚ ਸੰਗਠਨ ਨੂੰ ਬਿਹਤਰ ਬਣਾਉਣ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ। ਮੌਜੂਦਾ ‘ਆਪ’ ਸਰਕਾਰ ਨੂੰ ਲੋਕ ਮੁੱਦਿਆਂ ਪ੍ਰਤੀ ਕਿਵੇਂ ਜਵਾਬਦੇਹ ਬਣਾਉਣਾ ਹੈ, ਇਸ ਬਾਰੇ ਵੀ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਅਗਾਮੀ ਲੋਕ ਸਭਾ ਚੋਣਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਪਣੇ ਬਲਬੂਤੇ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਸਿਰਫ ਕੁਝ ਸੀਟਾਂ ‘ਤੇ ਚੋਣਾਂ ਲੜਦੀ ਸੀ, ਪਰ ਹੁਣ ਭਾਜਪਾ ਦੀ ਹੋਂਦ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ‘ਚ ਮਜ਼ਬੂਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਨਹੁੰ-ਮਾਸ ਦਾ ਰਿਸ਼ਤਾ ਮੁੜ ਕਾਇਮ ਹੋਣ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਹੁਣ ਇਹ ਸਵਾਲ ਦੀ ਹੋਂਦ ਖਤਮ ਹੋ ਚੁੱਕੀ ਹੈ। ਗੱਠਜੋੜ ਦੀ ਸੰਭਾਵਨਾ ਨੂੰ ਅਸਿੱਧੇ ਢੰਗ ਨਾਲ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰਾਹ ਚੁਣ ਲਿਆ ਹੈ, ਜੋ ਉਨ੍ਹਾਂ ਨੂੰ ਮੁਬਾਰਕ ਹੈ। ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਕੰਮਾਂ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਣ ਅਤੇ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਆਵਾਜ਼ ਨਹੀਂ ਸੁਣੀ ਜਾਂਦੀ ਤਾਂ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਾ ਹਟਣ। ਉਨ੍ਹਾਂ ਵਰਕਰਾਂ ਨੂੰ ਪੰਜਾਬ ‘ਚ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੇ ਪੰਜਾਬ ‘ਚ ਸਿਆਸੀ ਤੇ ਸਮਾਜਿਕ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ। ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿਸ਼ਾਲ ਯਾਤਰਾ ਦੀ ਸ਼ੁਰੂਆਤ ਮਾਰਚ ਮਹੀਨੇ ‘ਚ ਹੋਵੇਗੀ ਅਤੇ ਇਹ ਯਾਤਰਾ ਅਗਸਤ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜਲਦੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਰੈਲੀਆਂ ਨੂੰ ਵੀ ਸੰਬੋਧਨ ਕਰਨਗੇ। ਮੀਟਿੰਗ ਨੂੰ ਕਈ ਹੋਰ ਅਹੁਦੇਦਾਰਾਂ ਨੇ ਵੀ ਸੰਬੋਧਨ ਕੀਤਾ। ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਰੁਝਾਨ ਹੁਣ ਭਾਜਪਾ ਵੱਲ ਹੈ।