ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਰੱਖੇ ਪ੍ਰੋਗਰਾਮ ‘ਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨੇ ‘ਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ‘ਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ‘ਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ‘ਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ‘ਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ‘ਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਦੀ ਤੁਲਨਾ ‘ਦੂਜੇ ਮਾਤਾ-ਪਿਤਾ’ ਵਜੋਂ ਕੀਤੀ, ਜੋ ਇਕ ਬੱਚੇ ਦੇ ਸਮੁੱਚੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਦੇ ਨਕਸ਼ ਘੜਨ ‘ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਬੇਹੱਦ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦੀ ਰੱਖਿਆ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਵਰਗੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ। ਪੰਜਾਬ ਕੋਲ ਹੋਰ ਸੂਬਿਆਂ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਸੂਬੇ ਦੇ ਹਿੱਤ ਹਰ ਕੀਮਤ ਉਤੇ ਸੁਰੱਖਿਅਤ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਕਿਸੇ ਹੋਰ ਸੂਬੇ ਨੂੰ ਆਪਣੇ ਹਿੱਸੇ ਦਾ ਪਾਣੀ ਦੇਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਸੂਬੇ ਦੀ ਦੌਲਤ ਦੀ ਬੇਰਹਿਮੀ ਨਾਲ ਲੁੱਟ ਕੀਤੀ, ਉਨ੍ਹਾਂ ਨੂੰ ਵਾਰੀ ਸਿਰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦਾ ਸਰਮਾਇਆ ਲੁੱਟਣ ਦਾ ਘਿਨਾਉਣਾ ਜੁਰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲੇਗੀ।