ਪਹਿਲਾਂ ਹੀ ਸਰਕਾਰੀ ਕੰਮਕਾਜ ਪੰਜਾਬੀ ‘ਚ ਕਰਨ ਅਤੇ ਸਾਰੇ ਕਾਰੋਬਾਰਾਂ ਤੇ ਦੁਕਾਨਾਂ ਦੇ ਬਾਹਰ ਬੋਰਡ ਪੰਜਾਬੀ ‘ਚ ਲਿਖਵਾਉਣ ਦੇ ਹੁਕਮ ਦੇ ਚੁੱਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਬੋਲਣ ‘ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਤਾੜਨਾ ਕਰਦਿਆਂ ਅਜਿਹੀਆਂ ਸਿੱਖਿਆ ਸੰਸਥਾਵਾਂ ਦੀ ਮਾਨਤਾ ਭੰਗ ਕਰਨ ਵਰਗੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨੇ ਲਾ ਰਹੀਆਂ ਹਨ। ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ, ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ‘ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੰਜਾਬ ਨੂੰ ਨਾ ਸਿਰਫ਼ ਦੇਸ਼, ਬਲਕਿ ਦੁਨੀਆ ਭਰ ‘ਚ ਅੱਵਲ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਂਦਿਆਂ, ਸਰਕਾਰ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ‘ਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਸਾਧਨ ਮੁਹੱਈਆ ਕਰਵਾਉਣ ਲਈ ਪੰਜਾਬ ਜਲਦੀ ਹੀ ਇੰਡਸਟਰੀ ਹੱਬ ਬਣਨ ਜਾ ਰਿਹਾ ਹੈ। ਇਥੇ ਵੱਡੀ ਪੱਧਰ ਦੀਆਂ ਕਈ ਕੌਮਾਂਤਰੀ ਫਰਮਾਂ ਨਿਵੇਸ਼ ਕਰਨ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਭਰੋਸਾ ਦਿਵਾਇਆ ਕਿ ਪੰਜਾਬ ਦਾ ਨਾਮ ਦੁਨੀਆਂ ਦੇ ਨਕਸ਼ੇ ‘ਤੇ ਸੁਨਹਿਰੀ ਅੱਖਰਾਂ ਵਿੱਚ ਉਕੇਰਨ ਦੀ ਪ੍ਰਕਿਰਿਆ ‘ਚ ਯੂਨੀਵਰਸਿਟੀ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਗੁਰਲਾਲ ਘਨੌਰ ਆਦਿ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਜੀ ਫੇਰੀ ਦੌਰਾਨ ਵੀ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਦੀ ਝੋਲੀ ਕੋਈ ਖੈਰ ਨਹੀਂ ਪਈ। ਮੁੱਖ ਮੰਤਰੀ ਬਣਨ ਤੋਂ ਕੁਝ ਦਿਨਾਂ ਬਾਅਦ ਹੀ ਯੂਨੀਵਰਸਿਟੀ ਆਏ ਮਾਨ ਨੇ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਛੇ ਮਹੀਨੇ ਬੀਤਣ ਮਗਰੋਂ ਵੀ ਅਜਿਹਾ ਸੰਭਵ ਨਾ ਹੋ ਸਕਿਆ। ਮੁੱਖ ਮੰਤਰੀ ਦੀ ਅੱਜ ਦੀ ਦੂਜੀ ਫੇਰੀ ਵੀ ਵਾਅਦਿਆਂ ‘ਤੇ ਹੀ ਆਧਾਰਿਤ ਰਹੀ।