ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕ ਸ਼ਾਮਲ ਹੋਏ। ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ ਦੀ ਚਿਖਾ ਨੂੰ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗਨੀ ਦਿਖਾਈ। ਮਰਹੂਮ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਕਿੰਨੂ ਬਾਗ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ‘ਚ ਰੱਖਿਆ ਗਿਆ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ.ਸੀ.ਪੀ. ਮੁਖੀ ਸ਼ਰਦ ਪਵਾਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਇਨੈਲੋ ਆਗੂ ਅਭੈ ਚੌਟਾਲਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ, ਹੰਸ ਰਾਜ ਹੰਸ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਦਿ ਨੇ ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਬਾਦਲ ਦੇ ਸਰੀਰ ‘ਤੇ ਤਿਰੰਗਾ ਲਪੇਟਿਆ ਹੋਇਆ ਸੀ। ਉਨ੍ਹਾਂ ਦੇ ਪੁੱਤ ਸੁਖਬੀਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਭਤੀਜੇ ਮਨਪ੍ਰੀਤ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨੇ ਅਰਥੀ ਨੂੰ ਮੋਢਾ ਦਿੱਤਾ। ਮਰਹੂਮ ਬਾਦਲ ਦੀ ਮ੍ਰਿਤਕ ਦੇਹ ਨੂੰ ਟਰੈਕਟਰ ਟਰਾਲੀ ‘ਚ ਰੱਖ ਕੇ ਅੰਤਿਮ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਨੂੰ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ। ਦੇਹ ਕੋਲ ਪੁੱਤਰ ਸੁਖਬੀਰ ਬਾਦਲ ਤੋਂ ਇਲਾਵਾ ਨੂੰਹ ਹਰਸਿਮਰਤ ਕੌਰ ਬਾਦਲ, ਭਤੀਜਾ ਮਨਪ੍ਰੀਤ ਬਾਦਲ ਸਮੇਤ ਪੋਤੇ-ਪੋਤੀਆਂ ਤੇ ਹੋਰ ਪਰਿਵਾਰਕ ਮੈਂਬਰ ਖੜ੍ਹੇ ਸਨ। ਮਨਪ੍ਰੀਤ ਬਾਦਲ ਵਾਰ-ਵਾਰ ਚਚੇਰੇ ਭਰਾ ਸੁਖਬੀਰ ਬਾਦਲ ਦੀ ਪਿੱਠ ‘ਤੇ ਹੱਥ ਰੱਖ ਕੇ ਦਿਲਾਸਾ ਦੇ ਰਿਹਾ ਸੀ। ਪਰਿਵਾਰਕ ਮੈਂਬਰ ਇਕ ਦੂਜੇ ਦੇ ਹੰਝੂ ਪੂੰਝ ਕੇ ਇਕ ਦੂਜੇ ਨੂੰ ਦਿਲਾਸਾ ਦੇ ਰਹੇ ਸਨ।