ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਫਰੈਂਕਫਰਟ ਦੇ ਹਵਾਈ ਅੱਡੇ ‘ਤੇ ਇਸ ਕਰਕੇ ਜਹਾਜ਼ ‘ਚ ਨਹੀਂ ਚੜ੍ਹਨ ਦਿੱਤਾ ਗਿਆ ਕਿਉਂਕਿ ਉਹ ਹਵਾਈ ਸਫ਼ਰ ਕਰਨ ਦੀ ਹਾਲਤ ‘ਚ ਨਹੀਂ ਸਨ। ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਦਾਅਵਾ ਕੀਤਾ ਕਿ ਫਰੈਂਕਫਰਟ ਤੋਂ ਆਈ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਅਪੀਲ ਕਰਨਗੇ ਕਿ ਉਹ ਲੁਫਥਾਂਸਾ ਏਅਰਲਾਈਨ ਤੋਂ ਪੁੱਛ-ਪੜਤਾਲ ਕਰਨ ਤੇ ਸੱਚ ਬਾਹਰ ਲਿਆਉਣ। ਬਾਜਵਾ ਨੇ ਕਿਹਾ ਕਿ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਉਹ ਸਿੰਧੀਆ ਕੋਲੋਂ ਮੰਗ ਕਰਨਗੇ ਕਿ ਲੁਫਥਾਂਸਾ ਏਅਰਲਾਈਨ ਤੋਂ ਪ੍ਰਾਪਤ ਹੋਣ ਵਾਲੇ ਵੇਰਵੇ ਜਨਤਕ ਕੀਤੇ ਜਾਣ। ਬਾਜਵਾ ਨੇ ਦਾਅਵਾ ਵੀ ਕੀਤਾ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਚਸ਼ਮਦੀਦ ਗਵਾਹ ਵੀ ਮਿਲਿਆ ਹੈ, ਜਿਸ ਅਨੁਸਾਰ ਉਹ ਹਵਾਈ ਸਫ਼ਰ ਕਰਨ ਦੇ ਸਮਰੱਥ ਨਹੀਂ ਸਨ। ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ‘ਚ ਸ਼ਮੂਲੀਅਤ ਬਾਰੇ ਕਿਹਾ ਕਿ ਜਿਸ ਵਿਅਕਤੀ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ ਗਈ ਅਤੇ ਜੋ ਪੰਜਾਬ ਦੇ ਕਿਸਾਨਾਂ ਦੀ ਨਫ਼ਰਤ ਦਾ ਪਾਤਰ ਹੈ, ਉਸ ਵਿਅਕਤੀ ਨੂੰ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ‘ਚ ‘ਜੀ ਆਇਆਂ’ ਆਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਾਜਵਾ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ਭਾਜਪਾ ਅਜਿਹਾ ਕਰਕੇ ਕੀ ਸੁਨੇਹਾ ਦੇਣਾ ਚਾਹੁੰਦੀ ਹੈ।