ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਤਾਜ਼ਾ ਘਟਨਾ ‘ਚ ਇਕ ਪੁਲੀਸ ਚੌਕੀ ਨੂੰ ਆਈ.ਈ.ਡੀ. ਭਾਵ ਅਤਿ ਆਧੁਨਿਕ ਵਿਸਫੋਟਕ ਯੰਤਰ ਨਾਲ ਕੀਤੇ ਗਏ ਧਮਾਕੇ ‘ਚ ਦੋ ਪੁਲੀਸ ਮੁਲਾਜ਼ਮ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਬਾਜੌਰ ਜ਼ਿਲ੍ਹੇ ਦੀ ਡਾਮਾ ਡੋਲਾ ਤਹਿਸੀਲ ‘ਚ ਇਕ ਪੁਲੀਸ ਚੌਕੀ ਦੇ ਨੇੜੇ ਆਈ.ਈ.ਡੀ. ਧਮਾਕਾ ਕੀਤਾ ਜਿਸ ‘ਚ ਮੌਕੇ ‘ਤੇ ਹੀ ਦੋ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਪੁਲੀਸ ਮੁਲਾਜ਼ਮਾਂ ਦੀ ਪਛਾਣ ਹੌਲਦਾਰ ਸਈਦ ਅਹਿਮਦ ਅਤੇ ਕਾਂਸਟੇਬਲ ਇਨਯਾਤੁਰ ਰਹਿਮਾਨ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਧਮਾਕੇ ਦੀ ਨਿੰਦਾ ਕੀਤੀ ਹੈ ਅਤੇ ਮਾਰੇ ਗਏ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਮਾਮਲੇ ਦੀ ਰਿਪੋਰਟ ਤਲਬ ਕਰਦਿਆਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।