ਮਹਿਲਾ ਪਹਿਲਵਾਨਾਂ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੇ ਲਾਏ ਗਏ ਦੋਸ਼ਾਂ ਸਬੰਧੀ ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਦੇ ਬਿਆਨ ਦਰਜ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਕੁਸ਼ਤੀ ਫੈਡਰੇਸ਼ਨ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਦੇ ਬਿਆਨ ਵੀ ਲਏ ਹਨ। ਜ਼ਿਕਰਯੋਗ ਹੈ ਕਿ ਦਿੱਲੀ ਪੁਲੀਸ ਨੇ ਪਿਛਲੇ ਮਹੀਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ ਕੀਤੀਆਂ ਸਨ। ਇਨ੍ਹਾਂ ਵਿੱਚੋਂ ਇਕ ਐੱਫ.ਆਈ.ਆਰ. ਨਾਬਾਲਿਗ ਵੱਲੋਂ ਲਾਏ ਗਏ ਦੋਸ਼ਾਂ ਹੇਠ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸਿਜ਼ (ਪੋਕਸੋ) ਹੇਠ ਦਰਜ ਕੀਤੀ ਗਈ ਸੀ। ਦੂਜੀ ਐੱਫ.ਆਈ.ਆਰ. ਬਾਲਗ ਪਹਿਲਵਾਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਦਰਜ ਕੀਤੀ ਗਈ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਿੰਘ ਨੂੰ ਨੋਟਿਸ ਭੇਜ ਕੇ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਉਨ੍ਹਾਂ ਕੋਲੋਂ ਕਰੀਬ ਤਿੰਨ ਘੰਟੇ ਪੁੱਛ ਪੜਤਾਲ ਕੀਤੀ ਗਈ। ਬ੍ਰਿਜ ਭੂਸ਼ਣ ਸ਼ਰਨ ਸਿੰਘ, ਜੋ ਉੱਤਰ ਪ੍ਰਦੇਸ਼ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ, ਤੋਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁੱਛ ਪੜਤਾਲ ਕੀਤੀ ਗਈ ਹੈ। ਉਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਦਾਅਵਾ ਕੀਤਾ ਕਿ ਉਸ ਨੂੰ ਇਸ ਕੇਸ ‘ਚ ਗ਼ਲਤ ਢੰਗ ਨਾਲ ਫਸਾਇਆ ਗਿਆ ਹੈ। ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸਬੂਤ ਪੇਸ਼ ਕਰਨ ਲਈ ਆਖਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਹੁਣ ਤੱਕ 30 ਗਵਾਹਾਂ ਦੇ ਬਿਆਨ ਲਏ ਜਾ ਚੁੱਕੇ ਹਨ। ਬ੍ਰਿਜ ਭੂਸ਼ਣ ਸਿੰਘ ਤੋਂ ਅੱਗੇ ਵੀ ਪੁੱਛ ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਦੱਸਿਆ, ‘ਸਾਨੂੰ ਕੁਸ਼ਤੀ ਫੈਡਰਸ਼ਨ ਦੇ ਪ੍ਰਧਾਨ ਖ਼ਿਲਾਫ਼ ਜਿਨਸੀ ਛੇੜਛਾੜ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ ਕਾਇਮ ਕੀਤੀ ਕਮੇਟੀ ਦੀ ਰਿਪੋਰਟ ਮਿਲ ਗਈ ਹੈ। ਇਸ ਕੇਸ ਸਬੰਧੀ ਦਿੱਲੀ ਪੁਲੀਸ ਦੀਆਂ ਕਈ ਟੀਮਾਂ ਨੂੰ ਉੱਤਰ ਪ੍ਰਦੇਸ਼, ਝਾਰਖੰਡ, ਕਰਨਾਟਕ ਅਤੇ ਹਰਿਆਣਾ ਭੇਜਿਆ ਗਿਆ ਹੈ ਤਾਂ ਜੋ ਬਿਆਨ ਦਰਜ ਅਤੇ ਸਬੂਤ ਇਕੱਠੇ ਕੀਤੇ ਜਾ ਸਕਣ। ਜ਼ਿਕਰਯੋਗ ਹੈ ਕਿ ਹੁਣ ਤੱਕ ਨਾਬਾਲਿਗ ਲੜਕੀ ਦੇ ਬਿਆਨ ਮੈਜਿਸਟਰੇਟ ਕੋਲ ਦਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਪੁਲੀਸ ਨੇ ਨਾਬਾਲਿਗ ਸਣੇ ਸਾਰੀਆਂ ਸੱਤ ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕਰ ਲਏ ਹਨ।