ਇਕ ਯਾਤਰੀ ਬੱਸ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ‘ਚ ਅੱਜ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਬੱਸ ਇਕ ਪੁਲ ਤੋਂ ਸੁੱਕੀ ਨਦੀ ‘ਚ ਜਾ ਡਿੱਗੀ ਜਿਸ ਕਰਕੇ 22 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਘਟਨਾ ਮੰਗਲਵਾਰ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਬੱਸ ਓਵਰਲੋਡ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਅਤੇ ਪੁਲੀਸ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ 22 ਮੌਤਾਂ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ 33 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਮੌਕੇ ‘ਤੇ ਪੁੱਜੇ ਵਿਧਾਇਕ ਰਵੀ ਜੋਸ਼ੀ ਨਾਲ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਬੱਸਾਂ ਓਵਰਲੋਡ ਹੋ ਕੇ ਹਰ ਰੋਜ਼ ਤੇਜ਼ ਰਫ਼ਤਾਰ ਨਾਲ ਲੰਘਦੀਆਂ ਹਨ। ਕਈ ਵਾਰ ਅਸੀਂ ਬੱਸ ਡਰਾਈਵਰਾਂ ਨੂੰ ਰੋਕਿਆ ਪਰ ਉਨ੍ਹਾਂ ਨੇ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ। ਮੱਧ ਪ੍ਰਦੇਸ਼ ਸਰਕਾਰ ਖਰਗੋਨ ਬੱਸ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਅਤੇ ਜ਼ਖਮੀਆਂ ਦਾ ਇਲਾਜ ਖੁਦ ਕਰਵਾਏਗੀ। ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਜਦਕਿ ਬਾਕੀ ਜ਼ਖ਼ਮੀਆਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਨੇ ਬੱਸ ਹਾਦਸੇ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ।