ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਪਹਿਲਵਾਨਾਂ ਦੀ ਜਿਨਸੀ ਸੋਸ਼ਣ ਦੀ ਸ਼ਿਕਾਇਤ ‘ਤੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। ਇਸ ਭਰੋਸੇ ਦੇ ਬਾਵਜੂਦ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਪੁਲੀਸ ‘ਤੇ ਭਰੋਸਾ ਨਹੀਂ ਕਰ ਸਕਦੇ। ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰੀ ਤੱਕ ਉਨ੍ਹਾਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਉਨ੍ਹਾਂ ਪੀ.ਟੀ. ਊਸ਼ਾ ਦੇ ਬਿਆਨ ‘ਤੇ ਅਫਸੋਸ ਜ਼ਾਹਿਰ ਕੀਤਾ ਜਿਨ੍ਹਾਂ ਨੇ ਸੰਘਰਸ਼ ਕਰ ਰਹੇ ਪਹਿਲਵਾਨਾਂ ਨੂੰ ਗਲਤ ਠਹਿਰਾਉਣ ਦੀ ਕੋਸ਼ਿਸ਼ ਕੀਤੀ ਸੀ। ਦੂਜੇ ਪਾਸੇ ਓਲੰਪਿਕ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਤੇ ਸਾਨੀਆ ਮਿਰਜ਼ਾ ਨੇ ਇਨ੍ਹਾਂ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਨੀਰਜ ਚੋਪੜਾ ਨੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਚੋਪੜਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ. ਊਸ਼ਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਦੀ ਬਜਾਏ ਪਹਿਲਵਾਨਾਂ ਨੂੰ ਆਪਣਾ ਵਿਰੋਧ ਮੁੜ ਸ਼ੁਰੂ ਕਰਨ ਲਈ ਸੜਕਾਂ ‘ਤੇ ਉਤਰਨ ਲਈ ਸਖ਼ਤ ਆਲੋਚਨਾ ਕੀਤੀ ਗਈ ਹੈ। ਅਥਲੈਟਿਕਸ ‘ਚ ਇੰਡੀਆ ਦਾ ਪਹਿਲਾ ਓਲੰਪਿਕ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚਣ ਵਾਲੇ ਜੈਵਲਿਨ ਥ੍ਰੋਅਰ ਚੋਪੜਾ ਨੇ ਕਿਹਾ ਕਿ ਇਹ ਦੁਖਦਾਈ ਹੈ ਕਿ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ। ਜਿਨਸੀ ਸੋਸ਼ਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਨਾਮੀ ਭਲਵਾਨਾ ਦੀ ਆਵਾਜ਼ ‘ਚ ਦੇਸ਼ ਦੀ ਸਾਬਕਾ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਵੀ ਆਪਣੀ ਆਵਾਜ਼ ਰਲਾ ਦਿੱਤੀ ਹੈ। ਉਸ ਨੇ ਟਵੀਟ ਕਰਕੇ ਕਿਹਾ, ‘ਇੱਕ ਅਥਲੀਟ ਤੋਂ ਇਲਵਾ ਇੱਕ ਔਰਤ ਦੇ ਰੂਪ ‘ਚ ਇਹ ਦੇਖਣਾ ਬਹੁਤ ਮੁਸ਼ਕਲ ਹੈ। ਇਨ੍ਹਾਂ ਸੜਕਾਂ ‘ਤੇ ਉਤਰੇ ਭਲਵਾਨਾਂ ਨੇ ਕੌਮਾਂਤਰੀ ਪੱਧਰ ‘ਤੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਅਸੀਂ ਸਾਰਿਆਂ ਨੇ ਉਨ੍ਹਾਂ ਦੇ ਨਾਲ ਜਸ਼ਨ ਮਨਾਇਆ ਹੈ। ਹੁਣ ਇਨ੍ਹਾਂ ਨਾਲ ਖੜ੍ਹੇ ਹੋਣ ਦਾ ਸਮਾਂ ਆ ਗਿਆ ਹੈ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਗੰਭੀਰ ਇਲਜ਼ਾਮ ਹਨ। ਮੈਨੂੰ ਉਮੀਦ ਹੈ ਕਿ ਜੋ ਵੀ ਸੱਚਾਈ ਹੈ ਸਾਹਮਣੇ ਆਏਗੀ ਤੇ ਇਨਸਾਫ਼ ਮਿਲੇਗਾ। ਹੁਣ ਨਹੀਂ ਤਾਂ ਕੁਝ ਸਮੇਂ ਬਾਅਦ।’ ਉਸ ਤੋਂ ਇਲਾਵਾ ਕ੍ਰਿਕਟਰ ਵਰਿੰਦਰ ਸਹਿਵਾਗ, ਹਰਭਜਨ ਸਿੰਘ, ਨਵਜੋਤ ਸਿੰਘ ਸਿੱਧੂ, ਮਦਨ ਲਾਲ, ਇਰਫ਼ਾਨ ਪਠਾਨ, ਅਭਿਨਵ ਬਿੰਦਰਾ, ਹਾਕੀ ਸਟਾਰ ਰਾਣੀ ਰਾਮਪਾਲ, ਮੁੱਕੇਬਾਜ਼ ਨਿਹਕਤ ਜ਼ਰੀਨ ਨੇ ਪਹਿਲਵਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ।