ਧਾਰਮਿਕ ਅਸਥਾਨ ਵੀ ਹੁਣ ਹਿੰਸਾ ਦਾ ਮੈਦਾਨ ਬਣਦੇ ਜਾ ਰਹੇ ਹਨ ਤੇ ਅਕਸਰ ਕਿਸੇ ਪਾਸਿਓਂ ਮੰਦਰ ਜਾਂ ਗੁਰਦੁਆਰਿਆਂ ‘ਚ ਕਬਜ਼ੇ ਆਦਿ ਨੂੰ ਲੈ ਕੇ ਲੜਾਈ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਤਾਜ਼ਾ ਮਾਮਲਾ ਫਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰੇ ਤੋਂ ਸਾਹਮਣੇ ਆਇਆ ਹੈ। ਇਥੇ ਅੱਸੂ ਦੀ ਸੰਗਰਾਂਦ ਸਬੰਧੀ ਧਾਰਮਿਕ ਸਮਾਗਮ ਦੀ ਸਮਾਪਤੀ ਮਗਰੋਂ ਦੋ ਧੜਿਆਂ ਦਰਮਿਆਨ ਝੜਪ ਹੋ ਗਈ ਤੇ ਇਸ ਮੌਕੇ ਕਿਰਪਾਨਾਂ ਵੀ ਚੱਲੀਆਂ। ਜਾਣਕਾਰੀ ਅਨੁਸਾਰ ਬੰਸਾ ਸਿੰਘ ਨਾਮ ਦੇ ਵਿਅਕਤੀ ਨੇ ਗੁਰਦੁਆਰੇ ਦਾ ਕਥਿਤ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਗੁਰਦੁਆਰੇ ਦੇ ਮੌਜੂਦਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਬੰਸਾ ਸਿੰਘ ਆਪਣੇ ਨਾਲ ਕੁਝ ਵਿਅਕਤੀਆਂ ਨੂੰ ਲੈ ਕੇ ਆਇਆ ਸੀ, ਜਿਸ ਨੇ ਸੰਗਤ ‘ਤੇ ਕਥਿਤ ਹਮਲਾ ਕਰ ਦਿੱਤਾ। ਇਸ ਘਟਨਾ ਦੀ ਚਸ਼ਮਦੀਦ ਗੁਰਦੇਵ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੋਈ ਲੜਾਈ ਦੌਰਾਨ ਪੱਗਾਂ ਲੱਥ ਗਈਆਂ। ਘਟਨਾ ‘ਚ ਨਰਿੰਦਰ ਸਿੰਘ ਤੇ ਪ੍ਰਭਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸਿਟੀ ਪੁਲੀਸ ਫ਼ਰੀਦਕੋਟ ਨੇ ਇਸ ਮਾਮਲੇ ਸਬੰਧੀ ਪੰਜ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਥਾਣਾ ਸਿਟੀ ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਹਰਬੰਸ ਸਿੰਘ, ਠਾਣਾ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਅਮਰਜੋਤ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਅਤੇ ਅਮਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਓਧਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ ਵੀ ਘਟਨਾ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ।