ਪੈਰਾਂ ਹੇਠੋਂ ਖਿਸਕੀ ਸਿਆਸੀ ਜ਼ਮੀਨ ਤਲਾਸ਼ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅਹੁਦੇਦਾਰਾਂ ਦੀ ਮੀਟਿੰਗ ‘ਚ ਪਾਰਟੀ ਆਗੂਆਂ ਨੇ ਬੇਅਦਬੀ ਕਾਂਡ ਦੇ ਦਾਗ਼ ਧੋਣ ਲਈ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਅਤੇ ਭਾਜਪਾ ਖ਼ਿਲਾਫ਼ ਹਮਲਾਵਰ ਰੁਖ਼ ਅਖ਼ਤਿਆਰ ਕਰਨ ‘ਤੇ ਜ਼ੋਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਨਵੇਂ ਕਾਇਮ ਜਥੇਬੰਦਕ ਢਾਂਚੇ ਦੇ ਅਹੁਦੇਦਾਰਾਂ ਨਾਲ ਚੱਲੇ ਮੀਟਿੰਗਾਂ ਦੇ ਦੌਰ ਦੌਰਾਨ ਅਹਿਮ ਚਰਚਾਵਾਂ ਸਣੇ ਪਾਰਟੀ ਨੂੰ ਮੌਜੂਦਾ ਸਮੇਂ ਦੌਰਾਨ ਚੁਣੌਤੀਆਂ ਅਤੇ ਜਲੰਧਰ ਉਪ ਚੋਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੁਖਬੀਰ ਬਾਦਲ ਨੇ ਆਪਣੇ ਸਲਾਹਕਾਰ ਬੋਰਡ ਦੇ ਮੈਂਬਰਾਂ, ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨਾਲ ਦਿਨ ਭਰ ਮੀਟਿੰਗਾਂ ਦਾ ਦੌਰ ਚਲਾਇਆ। ਸੂਤਰਾਂ ਦਾ ਦੱਸਣਾ ਹੈ ਕਿ ਇਸ ਮੀਟਿੰਗ ਦੌਰਾਨ ਨਵੇਂ ਅਹੁਦੇਦਾਰਾਂ ਨੇ ਇਸ ਗੱਲ ‘ਤੇ ਚਰਚਾ ਕੀਤੀ ਕਿ ਸਾਲ 2015 ਤੋਂ ਲੈ ਕੇ ਅੱਜ ਤੱਕ ਵਿਰੋਧੀ ਪਾਰਟੀਆਂ ਵੱਲੋਂ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ‘ਤੇ ਪਾਰਟੀ ਅਤੇ ਪਾਰਟੀ ਆਗੂਆਂ ‘ਤੇ ਲਗਾਤਾਰ ਨਿਸ਼ਾਨਾ ਸੇਧਿਆ ਜਾ ਰਿਹਾ ਹੈ। ਨਵੇਂ ਅਹੁਦੇਦਾਰਾਂ ਨੇ ਮਸ਼ਵਰਾ ਦਿੱਤਾ ਕਿ ਇਸ ਮੁੱਦੇ ਦਾ ਜਿੰਨੀ ਜਲਦੀ ਹੋ ਸਕੇ ਅੰਤ ਹੋਣਾ ਚਾਹੀਦਾ ਹੈ। ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਨੇ ਤਾਂ ਇਹ ਵੀ ਸਲਾਹ ਦਿੱਤੀ ਕਿ ਪਾਰਟੀ ਦੀ ਲੀਡਰਸ਼ਿਪ ਨੂੰ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਭੁੱਲ ਬਖ਼ਸ਼ਾ ਲੈਣੀ ਚਾਹੀਦਾ ਹੈ। ਪਾਰਟੀ ਦੇ ਜ਼ਿਆਦਾਤਰ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ ਨਾਲ ਭਵਿੱਖ ‘ਚ ਸਿਆਸੀ ਸਾਂਝ ਦੀ ਝਾਕ ਛੱਡ ਦੇਣੀ ਚਾਹੀਦੀ ਹੈ। ਪਾਰਟੀ ਨੂੰ ਭਾਜਪਾ ਖ਼ਿਲਾਫ਼ ਹਮਲਾਵਰ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਦੀ ਅਗਵਾਈ ਹੇਠਲੀ ਕੇਂਦਰੀ ਹਕੂਮਤ ਦੇ ਇਸ਼ਾਰੇ ‘ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਸੂਬੇ ਦੇ ਮਹੌਲ ਨੂੰ ਖ਼ਰਾਬ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।