ਸਰਕਾਰ ਨੂੰ ਵਾਰ-ਵਾਰ ਅਲਟੀਮੇਟਮ ਦੇਣ ਤੋਂ ਬਾਅਦ ਬਹਿਬਲ ਕਲਾਂ ‘ਚ ਚੱਲ ਰਹੇ ‘ਇਨਸਾਫ਼ ਮੋਰਚੇ’ ਵਾਲੀ ਥਾਂ ‘ਤੇ ਹੋਏ ਪੰਥਕ ਇਕੱਠ ‘ਚ ਪੁੱਜੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਲਈ ਨਿਆਂ ‘ਚ ਹੋ ਰਹੀ ਦੇਰੀ ਲਈ ਸਮੇਂ ਦੀਆਂ ਸਰਕਾਰਾਂ ਦੀ ਕਰੜੀ ਆਲੋਚਨਾ ਕੀਤੀ ਗਈ। ਸ਼ਾਮ ਵੇਲੇ ਸੰਗਤ ਨੇ ਹਾਈਵੇ ਅਣਮਿਥੇ ਸਮੇਂ ਲਈ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ। ਬਹਿਬਲ ਕਲਾਂ ਪਿੰਡ ਨੇੜਿਓਂ ਲੰਘਦੇ ਕੌਮੀ ਸ਼ਾਹ ਰਾਹ ‘ਤੇ ਸੁਖਰਾਜ ਸਿੰਘ ਨਿਆਮੀਵਾਲਾ ਦੀ ਅਗਵਾਈ ‘ਚ ਲੰਮੇ ਅਰਸੇ ਤੋਂ ‘ਇਨਸਾਫ਼ ਮੋਰਚਾ’ ਚੱਲ ਰਿਹਾ ਹੈ। ਬੀਤੇ ਦਿਨੀਂ ਇਥੇ ਇਕੱਠ ‘ਚ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡੇਢ ਮਹੀਨੇ ‘ਚ ਨਿਆਂ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤੱਕ ਕੁਝ ਨਹੀਂ ਹੋਇਆ। ਬਹਿਬਲ ਮੋਰਚੇ ਦੀ ਅਗਵਾਈ ਕਰ ਰਹੇ ਅਤੇ ਬਹਿਬਲ ਕਾਂਡ ਦੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਰੋਸ ਪ੍ਰਗਟਾਇਆ ਕਿ ਸਰਕਾਰਾਂ ਵਾਰ-ਵਾਰ ਨਿਆਂ ਦੇਣ ਲਈ ਸਮਾਂ ਲੈਂਦੀਆਂ ਰਹੀਆਂ ਪਰ ਕੀਤਾ ਕੁਝ ਵੀ ਨਹੀਂ। ਨੌਜਵਾਨ ਆਗੂ ਲੱਖਾ ਸਿਧਾਣਾ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਇਨਸਾਫ਼ ਦੇਣ ਲਈ ਖੁਦ ਸਮਾਂ ਮਿੱਥ ਕੇ ਗਏ ਸਨ ਪਰ ਦੁੱਖ ਦੀ ਗੱਲ ਹੈ ਕਿ ਮਸਲਾ ਜਿਉਂ ਦਾ ਤਿਉਂ ਹੈ। ਸਾਬਕਾ ਕਾਂਗਰਸੀ ਆਗੂ ਕਮਲਜੀਤ ਸਿੰਘ ਬਰਾੜ ਨੇ ‘ਆਪ’ ਉੱਤੇ ਦੋਸ਼ ਲਾਇਆ ਕਿ ਉਨ੍ਹਾਂ ਇਨਸਾਫ਼ ਦੇਣ ਦੇ ਵਾਅਦੇ ਨਾਲ ਸਰਕਾਰ ਬਣਾਈ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਤਿੰਦਰ ਸਿੰਘ ਥਿੰਦ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ, ਯੂਨਾਈਟਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ, ਬਲਦੇਵ ਸਿੰਘ ਸਿਰਸਾ, ਨਰੈਣ ਸਿੰਘ ਚੌੜਾ ਅਤੇ ਬਾਬਾ ਬਖ਼ਸ਼ੀਸ਼ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਕਈ ਬੁਲਾਰਿਆਂ ਦਾ ਵਿਚਾਰ ਸੀ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਨਾਲ ਸਬੰਧਤ ਆਉਂਦੇ ਦਿਨਾਂ ‘ਚ ਹੋਣ ਵਾਲੇ ਧਾਰਮਿਕ ਪ੍ਰੋਗਰਾਮਾਂ ਨੂੰ ਧਿਆਨ ‘ਚ ਰੱਖ ਕੇ ਅਗਲਾ ਪ੍ਰੋਗਰਾਮ ਦਿੱਤਾ ਜਾਵੇ। ਸੰਗਤ ਨੇ ਇੱਕਸੁਰ ਹੁੰਦਿਆਂ ਕਿਹਾ ਕਿ ਜੇ ਇਸ ਦੌਰਾਨ ਵੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਦਿੰਦੀ ਤਾਂ ਸੰਗਤ ਵੱਲੋਂ ਹਾਈਵੇ ‘ਤੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਤੋਂ ਇਕ ਵੱਡੇ ਸਿਆਸੀ ਘਰਾਣੇ ਦੇ ਪਰਿਵਾਰਕ ਮੈਂਬਰਾਂ ਅਤੇ ਇਕ ਡੇਰੇ ਦੇ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬੇਅਦਬੀ ਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਮਕਸਦ ਨਾਲ ਸੱਤਾ ‘ਚ ਆਈ ਸੀ ਪਰ ਸਰਕਾਰ ਬਨਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਮੁੱਦਾ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਗਲੇ ਇਕ ਮਹੀਨੇ ‘ਚ ਇਸ ਮਾਮਲੇ ‘ਚ ਕਾਨੂੰਨੀ ਕਾਰਵਾਈ ਮੁਕੰਮਲ ਨਹੀਂ ਕਰਦੀ ਤਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਜਾਂ ਫਿਰ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ 14 ਅਕਤੂਬਰ ਨੂੰ ਸਿੱਖ ਸੰਗਤ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਸਰਕਾਰ ਡੇਢ ਮਹੀਨੇ ‘ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਦੇਵੇਗੀ ਪਰ ਇਸ ਦੇ ਬਾਵਜੂਦ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਕਾਨੂੰਨੀ ਕਾਰਵਾਈ ‘ਚ ਕੋਈ ਪ੍ਰਗਤੀ ਨਹੀਂ ਹੋਈ। ਇਸੇ ਦੌਰਾਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨਾਲ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਇਕ ਪਾਸੇ ਦਾ ਰਸਤਾ ਖੋਲ੍ਹਣ ਲਈ ਸਹਿਮਤ ਕਰ ਲਿਆ।