ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਚੀਫ ਜੁਡੀਸ਼ਲ ਮੈਜਿਸਟਰੇਟ ਫ਼ਰੀਦਕੋਟ ਦੀ ਅਦਾਲਤ ‘ਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਬੇਅਦਬੀ ਮਾਮਲੇ ‘ਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ 2015 ‘ਚ ਗ੍ਰਿਫ਼ਤਾਰ ਕਰਕੇ ਛੱਡੇ ਗਏ ਪਿੰਡ ਪੰਜਗਰਾਈਂ ਦੇ ਦੋ ਨੌਜਵਾਨਾਂ ਰੁਪਿੰਦਰ ਤੇ ਜਸਵਿੰਦਰ ਸਬੰਧੀ ਤਿਆਰ ਕੀਤੀ ਜਾਂਚ ਦੀ ਰਿਪੋਰਟ ਅਦਾਲਤ ‘ਚ ਪੇਸ਼ ਕੀਤੀ ਜਾਵੇ। ਦੱਸਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਕਾਂਡ ਵਿੱਚ ਸਭ ਤੋਂ ਪਹਿਲਾਂ 20 ਅਕਤੂਬਰ 2015 ‘ਚ ਪਿੰਡ ਪੰਜਗਰਾਈਂ ਖੁਰਦ ਦੇ ਨੌਜਵਾਨ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦਾਅਵਾ ਕੀਤਾ ਸੀ ਕਿ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਨ੍ਹਾਂ ਵੱਲੋਂ ਚੋਰੀ ਕੀਤਾ ਗਿਆ ਹੈ। ਇਸ ਸਬੰਧੀ ਟੀਮ ਨੇ ਆਡੀਓ ਵੀ ਮੀਡੀਆ ‘ਚ ਜਾਰੀ ਕੀਤੀ ਸੀ, ਪਰ ਕੁਝ ਦਿਨਾਂ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਦੋਵੇਂ ਨੌਜਵਾਨਾਂ ਨੂੰ ਬੇਕਸੂਰ ਦੱਸਦਿਆਂ ਰਿਹਾਅ ਕਰ ਦਿੱਤਾ ਸੀ। ਡੇਰਾ ਮੁਖੀ ਨੇ ਹੁਣ ਅਦਾਲਤ ‘ਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਵਿਸ਼ੇਸ਼ ਜਾਂਚ ਟੀਮ ਦੀ ਉਹ ਰਿਪੋਰਟ ਅਦਾਲਤ ‘ਚ ਪੇਸ਼ ਕੀਤੀ ਜਾਵੇ, ਜਿਸ ਦੇ ਆਧਾਰ ‘ਤੇ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਨੂੰ ਮੁਲਜ਼ਮ ਮੰਨਿਆ ਗਿਆ ਸੀ ਅਤੇ ਉਹ ਰਿਪੋਰਟ ਵੀ ਪੇਸ਼ ਕੀਤੀ ਜਾਵੇ, ਜਿਸ ਵਿੱਚ ਦੋਵਾਂ ਨੂੰ ਬੇਕਸੂਰ ਦੱਸਿਆ ਗਿਆ ਹੈ। ਇਸ ਸਬੰਧੀ ਚੀਫ ਜੁਡੀਸ਼ਲ ਮੈਜਿਸਟ੍ਰੇਟ ਮੋਨਿਕਾ ਲਾਂਬਾ ਨੇ ਆਪਣੇ ਹੁਕਮ ‘ਚ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਉਹ 22 ਸਤੰਬਰ ਤੱਕ ਇਸ ਮਾਮਲੇ ਵਿੱਚ ਆਪਣਾ ਜਵਾਬ ਲਿਖਤੀ ਤੌਰ ‘ਤੇ ਦਾਖਲ ਕਰਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ‘ਸਿਟ’ ਨੇ ਜਦੋਂ ਡੇਰਾ ਮੁਖੀ ਸਮੇਤ ਨੌਂ ਮੁਲਜ਼ਮਾਂ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼ ਕੀਤਾ ਸੀ ਤਾਂ ਉਸ ਪੜਤਾਲ ਰਿਪੋਰਟ ‘ਚ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਡੇਰਾ ਮੁਖੀ ਦੇ ਵਕੀਲਾਂ ਨੇ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ‘ਚ ਹੁਣ ਤੱਕ ਕੀਤੀ ਗਈ ਪੜਤਾਲ ਸਬੰਧੀ ਸਾਰੀਆਂ ਫਾਈਲਾਂ ਦੀਆਂ ਨਕਲਾਂ ਪੇਸ਼ ਕੀਤੀਆਂ ਜਾਣੀਆਂ ਚਾਹੀਦੀਆਂ ਹਨ।