ਫਰੀਦਕੋਟ ਦੀ ਅਦਾਲਤ ‘ਚ ਚੱਲਦੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਸੁਣਵਾਈ 7 ਦਸੰਬਰ ਤੱਕ ਟਲ ਗਈ ਹੈ। ਬੇਅਦਬੀ ਦੇ ਦੋਸ਼ਾਂ ‘ਚ ਘਿਰੇ ਪੰਜ ਡੇਰਾ ਪ੍ਰੇਮੀ ਸੁਰੱਖਿਆ ਕਾਰਨਾਂ ਕਰਕੇ ਅਦਾਲਤ ‘ਚ ਪੇਸ਼ ਨਹੀਂ ਹੋਏ। ਚੀਫ ਜੁਡੀਸ਼ਲ ਮੈਜਿਸਟਰੇਟ ਮੋਨਿਕਾ ਲਾਂਬਾ ਨੇ ਉਕਤ ਡੇਰਾ ਪ੍ਰੇਮੀਆਂ ਨੂੰ ਅੱਜ ਵਾਸਤੇ ਨਿੱਜੀ ਪੇਸ਼ੀ ਤੋਂ ਛੋਟ ਦੇ ਕੇ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਅਦਬੀ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਛੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਦੂਜੇ ਪਾਸੇ ਸੁਨਾਰੀਆ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਵੀ ਅਦਾਲਤ ਨੂੰ ਦੱਸਿਆ ਗਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ 45 ਦਿਨਾਂ ਦੀ ਪੈਰੋਲ ‘ਤੇ ਹੋਣ ਕਾਰਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਨਹੀਂ ਹੋ ਸਕਦੇ। ਇਸ ਮਗਰੋਂ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਗਲੀ ਪੇਸ਼ੀ ‘ਤੇ ਵੀਡੀਓ ਕਾਨਫਰੰਸ ਰਾਹੀਂ ਡੇਰਾ ਮੁਖੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਬਾਰੇ ਅਦਾਲਤ ਨੂੰ ਲਿਖਤੀ ਤੌਰ ‘ਤੇ ਸੂਚਿਤ ਕੀਤਾ, ਜਿਸ ਮਗਰੋਂ ਅਦਾਲਤ ਦੇ ਹੁਕਮਾਂ ‘ਤੇ ਪ੍ਰਦੀਪ ਸਿੰਘ ਖ਼ਿਲਾਫ਼ ਕੇਸ ਬੰਦ ਕਰਨ ਦੀ ਰਸਮੀ ਕਾਰਵਾਈ ਆਰੰਭ ਦਿੱਤੀ ਗਈ ਹੈ।