ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਕੜਾਕੇ ਦੀ ਠੰਢ ਦੇ ਬਾਵਜੂਦ ਆਪਣੇ ਗਲਾਂ ‘ਚ ਲੋਹੇ ਦੀਆਂ ਜੰਜ਼ੀਰਾਂ ਪਾ ਕੇ ਚੰਡੀਗੜ੍ਹ ਦੀ ਹੱਦ ‘ਤੇ ਮੁਹਾਲੀ ਵਿਖੇ ਪੱਕਾ ਮੋਰਚਾ ਲਗਾ ਦਿੱਤਾ। ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਆਦਿ ਮੁੱਦਿਆਂ ‘ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ‘ਚ ਮਨੁੱਖ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਅਨੁਸਾਰ ਸਵੇਰੇ ਹੀ ਪੰਜਾਬ ਸਮੇਤ ਦਿੱਲੀ ਤੇ ਹਰਿਆਣਾ ‘ਚੋਂ ਵੱਡੀ ਗਿਣਤੀ ਲੋਕ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ‘ਚ ਪਹੁੰਚਣੇ ਸ਼ੁਰੂ ਹੋ ਗਏ ਸਨ। ਵੱਖ-ਵੱਖ ਆਗੂਆਂ ਨੇ ਸਿੱਖ ਮਸਲਿਆਂ ‘ਤੇ ਵਿਚਾਰਾਂ ਕੀਤੀਆਂ। ਇਸ ਮਗਰੋਂ ਬਾਅਦ ਦੁਪਹਿਰ ਦੋ ਵਜੇ ਸਿੱਖਾਂ ਨੇ ਜੈਕਾਰੇ ਛੱਡ ਕੇ ਚੰਡੀਗੜ੍ਹ ਵੱਲ ਕੂਚ ਕੀਤਾ। ਇਸ ਮਗਰੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਯੂ.ਟੀ. ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ ਜਿਸ ਕਾਰਨ ਰੋਹ ‘ਚ ਆਏ ਪ੍ਰਦਰਸ਼ਨਕਾਰੀਆਂ ਨੇ ਉਥੇ ਹੀ ਸੜਕ ‘ਤੇ ਧਰਨਾ ਆਰੰਭ ਦਿੱਤਾ। ਇਸ ਸਬੰਧੀ ਵਾਈ.ਪੀ.ਐੱਸ. ਚੌਕ ਨੇੜੇ ਰੂਪਨਗਰ ਰੇਂਜ ਦੇ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਤੇ ਮੁਹਾਲੀ ਦੇ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰਦਰਸ਼ਨਕਾਰੀਆਂ ਵਿੱਚੋਂ ਬਾਪੂ ਗੁਰਚਰਨ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆਂ ਹਨ, ਇਸ ਲਈ ਅੱਜ ਉਹ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ‘ਤੇ ਇਨਸਾਫ਼ ਲਈ ਪੱਕਾ ਮੋਰਚਾ ਲਾਉਣ ਆਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨਹੀਂ ਕੀਤੀ ਜਾਂਦੀ, 328 ਸਰੂਪਾਂ ਦਾ ਮਾਮਲਾ ਨਹੀਂ ਸੁਲਝਾਇਆ ਜਾਂਦਾ ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਲੜੀਵਾਰ ਧਰਨਾ ਜਾਰੀ ਰਹੇਗਾ। ਮੁੱਖ ਮੰਤਰੀ ਦੇ ਓ.ਐੱਸ.ਡੀ. ਨਵਰਾਜ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਤੇ ਸਿੱਖਾਂ ਦੀਆਂ ਭਾਵਨਾਵਾਂ ਬਾਰੇ ਮੁੱਖ ਮੰਤਰੀ ਨੂੰ ਦੱਸਣ ਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ।