ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਦਿੱਤਾ ਗਿਆ। ਪਾਰਟੀ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ‘ਤੇ ਦਿੱਤੇ ਗਏ ਯਾਦ ਪੱਤਰ ‘ਚ ਬੇਨਤੀ ਕੀਤੀ ਗਈ ਹੈ ਕਿ ਉਹ ਸੰਵਿਧਾਨ ਦੀ ਧਾਰਾ 72 ਤਹਿਤ 25 ਸਾਲਾਂ ਤੋਂ ਵੱਧ ਕਾਨੂੰਨੀ ਸਜ਼ਾ ਭੁਗਤ ਚੁੱਕੇ ਸਾਰੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ। ਧਰਨੇ ‘ਚ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ‘ਚ ਕਾਨੂੰਨ ਦੀ ਦੁਰਵਰਤੋਂ ਕਰਦਿਆਂ ਘੱਟ ਗਿਣਤੀ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ 25-25 ਸਾਲਾਂ ਤੋਂ ਜਬਰੀ ਬੰਦੀ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸੰਵਿਧਾਨ ਦੀ ਧਾਰਾ 72 ਤਹਿਤ ਜੇਲ੍ਹਾਂ ‘ਚ ਬੰਦ ਕਿਸੇ ਵੀ ਕੈਦੀ ਦੀ ਸਜ਼ਾ ਘਟਾ, ਸਜ਼ਾ ਬਦਲ ਸਕਦੇ ਹਨ ਜਾਂ ਮੁਆਫ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 2011 ਨੂੰ ਹੋਣੀਆਂ ਚਾਹੀਦੀਆਂ ਸਨ ਪਰ ਉਹ ਵੀ ਲਟਕੀਆਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮੁਖੀ ਨੇ ਛੱਤੀਸਿੰਘਪੁਰਾ ‘ਚ 43 ਬੇਕਸੂਰ ਸਿੱਖਾਂ ਦੀ ਹੱਤਿਆ ਦੇ ਮਾਮਲੇ ਦੀ ਕੌਮੀ ਜਾਂ ਕੌਮਾਂਤਰੀ ਪੱਧਰ ‘ਤੇ ਜਾਂਚ ਕਰਾਉਣ ਦੀ ਵੀ ਮੰਗ ਕੀਤੀ ਹੈ। ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਕਿਹਾ ਕਿ ਦਿੱਲੀ ‘ਚ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਪਵਿੱਤਰ ਸਥਾਨ ਹੈ ਜਿਨ੍ਹਾਂ ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮੁਗਲਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹੋ ਰਹੀ ਬੇਇਨਸਾਫ਼ੀ ਹੋ ਰਹੀ ਹੈ ਅਤੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੱਖਾਂ ਨੂੰ ਤੁਰੰਤ ਰਿਹਾਅ ਕਰੇ।