ਇਕ ਪਾਸੇ ਸਜ਼ਾਵਾਂ ਪੂਰੀਆਂ ਕਰ ਕਰਨ ਤੋਂ ਬਾਅਦ ਵੀ ਕਈ ਸਾਲਾਂ ਤੋਂ ਜੇਲ੍ਹਾਂ ‘ਚੋਂ ਸਿੱਖ ਕੈਦੀ ਰਿਹਾਅ ਨਹੀਂ ਕੀਤੇ ਜਾ ਰਹੇ ਜਦਕਿ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਘੁੰਮਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਸਿੱਖ ਮਸਲਿਆਂ ਲਈ ਲੱਗੇ ਮੋਰਚੇ ‘ਚ ਸਿੱਖ ਆਗੂਆਂ ਨੇ ਇਹ ਪ੍ਰਗਟਾਵਾ ਕੀਤਾ ਅਤੇ ਇਸ ਪੈਰੋਲ ਖ਼ਿਲਾਫ਼ ਰੋਸ ਪ੍ਰਗਟਾਇਆ। ਸਿੱਖ ਅਤੇ ਇਨਸਾਫ਼ ਪਸੰਦ ਲੋਕ ਕੜਾਕੇ ਦੀ ਠੰਢ ‘ਚ ਲੜੀਵਾਰ ਧਰਨੇ ‘ਤੇ ਬੈਠੇ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੋਰਚੇ ‘ਚ ਜੁੜ ਰਹੀ ਹੈ। ਪੱਕੇ ਮੋਰਚੇ ‘ਚ ਜਬਰ-ਜਨਾਹ ਅਤੇ ਕਤਲ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਰੋਜ਼ਾ ਪੈਰੋਲ ਮਨਜ਼ੂਰ ਹੋਣ ‘ਤੇ ਸਿੱਖ ਭਾਈਚਾਰੇ ਨੇ ਕੇਂਦਰ ਤੇ ਹਰਿਆਣਾ ਸਰਕਾਰ ਦਾ ਘਿਰਾਓ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਗਣਤੰਤਰ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇ। ਬਾਪੂ ਗੁਰਚਰਨ ਸਿੰਘ, ਅਕਾਲ ਯੂਥ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਅਤੇ ਐਡਵੋਕੇਟ ਦਿਲਸ਼ੇਰ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਇਨਸਾਫ਼ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ‘ਚ ਸਿੱਖਾਂ ਲਈ ਵੱਖਰੇ ਕਾਨੂੰਨ ਹਨ ਜਦੋਂਕਿ ਸਰਕਾਰ ਦੇ ਆਪਣੇ ਚਹੇਤਿਆਂ ਲਈ ਵੱਖਰੇ ਕਾਨੂੰਨ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਕੇਂਦਰ ਅਤੇ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ‘ਤੇ ਬਾਹਰ ਭੇਜ ਦਿੰਦੀ ਹੈ ਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇ ਕੇ ਸਿੱਖਾਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਝੂਠ ਦਾ ਪ੍ਰਚਾਰ ਕਰਨ ਲਈ ਡੇਰਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ, ਜੋ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਵਰਤੇ ਜਾ ਰਹੇ ਹਨ।