ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮੰਗ ਸਬੰਧੀ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕੀਤੀ ਗਈ ਅਪੀਲ ‘ਤੇ ਹੁੰਗਾਰਾ ਨਾ ਮਿਲਣ ਮਗਰੋਂ ਸੰਘਰਸ਼ ਦਾ ਫ਼ੈਸਲਾ ਲਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 13 ਅਗਸਤ ਨੂੰ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਕੇ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਯਾਦ ਪੱਤਰ ਸੌਂਪਣ ਦਾ ਫ਼ੈਸਲਾ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦਾ ਸਿੱਖਾਂ ਪ੍ਰਤੀ ਰਵੱਈਆ ਨਾਕਾਰਤਮਕ ਰਿਹਾ ਹੈ ਜਿਸ ਕਾਰਨ ਹੀ 25 ਤੋਂ 30 ਸਾਲਾਂ ਤੋਂ ਜੇਲ੍ਹਾਂ ‘ਚ ਨਜ਼ਰਬੰਦ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਖ਼ਿਲਾਫ਼ 13 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਅੰਤ੍ਰਿੰਗ ਕਮੇਟੀ ਨੇ ਸੰਸਥਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦਾ ਫ਼ੈਸਲਾ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ਅਤੇ ਵਿੱਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ। ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਦੇ ਜ਼ਿਲ੍ਹਾ ਪਰਿਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ ‘ਹਰ ਘਰ ਤਿਰੰਗਾ’ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਅਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਨਿਖੇਧੀ ਕੀਤੀ। ਅੰਤ੍ਰਿੰਗ ਕਮੇਟੀ ਨੇ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਅਤੇ ਅੰਬਾਲਾ ਜ਼ਿਲ੍ਹਾ ਪਰਿਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਦੁਆਰੇ ‘ਚ ਕੇਵਲ ਸਿੱਖ ਮਰਿਆਦਾ ਅਨੁਸਾਰ ਹੀ ਧਾਰਮਿਕ ਸਮਾਗਮ ਹੋ ਸਕਦੇ ਹਨ ਅਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ।