ਹਰਿਆਣਾ ਦੀ ਐਡਹਾਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਮਾਮੂਲੀ ਵਿਰੋਧ ਦੌਰਾਨ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ‘ਚ ਗੁਰਦੁਆਰਾ ਡੇਰਾ ਅੱਡਣਸ਼ਾਹੀ ਸੰਤਪੁਰਾ (ਯਮੁਨਾਨਗਰ) ਦੇ ਮੁਖੀ ਬਾਬਾ ਕਰਮਜੀਤ ਸਿੰਘ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦਾ ਪ੍ਰਧਾਨ ਚੁਣ ਲਿਆ ਗਿਆ। ਚੋਣ ਪ੍ਰਕਿਰਿਆ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਦੀ ਦੇਖ-ਰੇਖ ਹੇਠ ਮਿੰਨੀ ਸਕੱਤਰੇਤ ‘ਚ ਸੰਪੰਨ ਹੋਈ। ਇਸ ਤੋਂ ਪਹਿਲਾਂ 37 ਮੈਂਬਰਾਂ ਨੇ ਕਮੇਟੀ ਦੇ ਸੰਵਿਧਾਨ ਅਨੁਸਾਰ ਸਹੁੰ ਚੁੱਕੀ। ਉਨ੍ਹਾਂ ਨੂੰ ਚੋਣ ਕਮਿਸ਼ਨਰ ਆਈ.ਏ.ਐੱਸ. ਅਧਿਕਾਰੀ ਮਨੀਰਾਮ ਸ਼ਰਮਾ ਨੇ ਸਹੁੰ ਚੁਕਾਈ। ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਬਾਬਾ ਕਰਮਜੀਤ ਸਿੰਘ ਯਮੁਨਾਨਗਰ ਨੂੰ ਪ੍ਰਧਾਨ ਚੁਣਿਆ ਹੈ। ਇਸ ਤੋਂ ਇਲਾਵਾ ਭੁਪਿੰਦਰ ਸਿੰਘ ਅਸੰਧ ਨੂੰ ਸੀਨੀਅਰ ਮੀਤ ਪ੍ਰਧਾਨ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਜੂਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਧਮੀਜਾ ਕਰਨਾਲ ਜਨਰਲ ਸਕੱਤਰ, ਮੋਹਨਜੀਤ ਸਿੰਘ ਪਾਣੀਪਤ ਨੂੰ ਜੁਆਇੰਟ ਸਕੱਤਰ ਬਣਾਇਆ ਗਿਆ ਹੈ। ਬੀਬੀ ਰਵਿੰਦਰ ਕੌਰ ਅਜਰਾਨਾ ਕੁਰੂਕਸ਼ੇਤਰ, ਜਸਵੰਤ ਸਿੰਘ ਦੁਨੀਆ ਮਾਜਰਾ ਕੁਰੂਕਸ਼ੇਤਰ, ਗੁਰਬਖਸ਼ ਸਿੰਘ ਯਮੁਨਾਨਗਰ, ਰਮਣੀਕ ਸਿੰਘ ਮਾਨ ਪੰਚਕੂਲਾ, ਜਗਸੀਰ ਸਿੰਘ ਮਾਂਗੇਆਣਾ ਡੱਬਵਾਲੀ ਅਤੇ ਵਿਨਰ ਸਿੰਘ ਸਾਹਾ ਸਮੇਤ 6 ਕਾਰਜਕਾਰਨੀ ਮੈਂਬਰ ਬਣਾਏ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਬਾਬਾ ਕਰਮਜੀਤ ਸਿੰਘ ਯਮੁਨਾਨਗਰ ਨੁੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ‘ਤੇ ਮੁਬਾਰਕਬਾਦ ਦਿੰਦਿਆਂ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਦੀ ਹਰਿਆਣਾ ਦੀ ਨਵੀਂ ਟੀਮ ਨੂੰ ਪੂਰਾ ਸਹਿਯੋਗ ਦੇਵੇਗੀ। ਦੋਵੇਂ ਆਗੂਆਂ ਨੇ ਕਿਹਾ ਕਿ ਦਿੱਲੀ ਕਮੇਟੀ ਹੁਣ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਹਰਿਆਣਾ ਗੁਰਦੁਆਰਾ ਕਮੇਟੀ ਦੀ ਨਵੀਂ ਟੀਮ ਨਾਲ ਰਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਹਰਿਆਦਾ ‘ਚ ਵੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਘਰ ਘਰ ਪਹੁੰਚਾਉਣ ਦੀ ਮੁਹਿੰਮ ਵਿੱਢਣ ਵਾਸਤੇ ਭਰਪੂਰ ਸਹਿਯੋਗ ਦਿੱਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੀ ਨਵੀਂ ਚੁਣੀ ਗਈ ਕਮੇਟੀ ਨੂੰ ਸਰਕਾਰੀ ਕਮੇਟੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ। ਸ਼੍ਰੋਮਣੀ ਕਮੇਟੀ ਵਲੋਂ ਹਰਿਆਣਾ ਦੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ‘ਚ ਆ ਕੇ ਵਿਚਾਰ ਅਤੇ ਸੰਵਾਦ ਦਾ ਮੁੜ ਸੱਦਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਦਾ ਵਿਰੋਧ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਇਹ ਪੰਥਕ ਸੰਸਥਾਵਾਂ ਨੂੰ ਤੋੜਨ ਦੀ ਇਕ ਚਾਲ ਹੈ ਜੋ ਆਰ.ਐੱਸ.ਐੱਸ. ਦੇ ਇਸ਼ਾਰੇ ‘ਤੇ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਇਹ ਚੋਣ ਗੁਰੂ ਘਰ ਦੀ ਥਾਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਗਈ ਹੈ, ਜੋ ਸਿੱਧ ਕਰਦੀ ਹੈ ਕਿ ਹਰਿਆਣਾ ਕਮੇਟੀ ਦਾ ਪੰਥਕ ਸਰੋਕਾਰਾਂ ਨਾਲ ਕੋਈ ਸਬੰਧ ਨਹੀਂ ਹੈ। ਇਸ ਚੋਣ ਦੌਰਾਨ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸੰਤ ਬਲਜੀਤ ਸਿੰਘ ਦਾਦੂਵਾਲ ਨਾਰਾਜ਼ ਹੋ ਕੇ ਚਲੇ ਗਏ।