ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨੁਸ਼ਾਸਨ ਭੰਗ ਕਰਨ ਦੇ ਲਾਏ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਗਮੀਤ ਸਿੰਘ ਬਰਾੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਕੀਤੇ ਸ਼ਕਤੀ ਪ੍ਰਦਰਸ਼ਨ ‘ਚ ਸ਼ਾਮਲ ਹੋਏ। ਦੋਹਾਂ ਬਾਗੀ ਨੇਤਾਵਾਂ ਨੇ ਬਾਦਲਾਂ ‘ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਪੰਥ ਨੂੰ ਦੱਸਣ ਕਿ ਉਨ੍ਹਾਂ ਨੇ 2007 ‘ਚ ਡੇਰਾ ਸਿਰਸਾ ਮੁਖੀ ਨੂੰ ਸਵਾਂਗ ਰਚਣ ਦੇ ਮਾਮਲੇ ‘ਚ ਕਿਉਂ ਛੱਡਿਆ? ਉਨ੍ਹਾਂ ਅੱਗੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਏਨੀ ਪਤਲੀ ਹੋ ਗਈ ਹੈ ਕਿ ਕੋਈ ਵੀ ਅਕਾਲੀ ਆਗੂ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ‘ਤੇ ਚੋਣ ਲੜਨ ਲਈ ਤਿਆਰ ਨਹੀਂ ਹੈ ਤੇ ਪਾਰਟੀ ਆਗੂ ਮੰਨ ਰਹੇ ਹਨ ਚੋਣਾਂ ਦੌਰਾਨ ਬਾਦਲਾਂ ਦੇ ਨਾਂਅ ‘ਤੇ ਵੋਟਾਂ ਨਹੀਂ ਪੈਣਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਇਕ ਪਰਿਵਾਰ ਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ‘ਚ ਅਕਾਲੀ ਦਲ ‘ਤੇ ਨਸ਼ੇ ਫੈਲਾਉਣ ਦੇ ਦੋਸ਼ ਲੱਗੇ। ਉਨ੍ਹਾਂ ਆਖਿਆ ਕਿ ਜਦੋਂ ਪਾਰਟੀ ‘ਤੇ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਦੋਸ਼ ਲੱਗੇ ਤਾਂ ਪਾਰਟੀ ਨੇ ਲੋਕਾਂ ਦੇ ਸ਼ੰਕੇ ਦੂਰ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸਲਾਹ ਵੀ ਦਿੱਤੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾਣ ਅਤੇ ਆਪਣੀਆਂ ਗ਼ਲਤੀਆਂ ਮੰਨ ਲੈਣ। ਉਨ੍ਹਾਂ ਇਹ ਵੀ ਕਿਹਾ ਬਾਦਲ ਨਾਨਕਸ਼ਾਹੀ ਕਲੈਡੰਰ ਲਾਗੂ ਕਰਨ ਤੋਂ ਰੋਕਦੇ ਰਹੇ ਸਨ। ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਅਕਾਲੀ ਆਗੂ ਸਵਾਲ ਉਠਾਉਂਦੇ ਸਨ ਤਾਂ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੁਖਬੀਰ ਦੀ ਭੈਣ ਪ੍ਰਨੀਤ ਕੌਰ ਮਿਲਣ ਲਈ ਬੇਗੋਵਾਲ ਆਏ ਸਨ ਤਾਂ ਉਨ੍ਹਾਂ ਵੀ ਪਾਰਟੀ ਵਿੱਚੋਂ ਕੱਢਣ ਦੇ ਸੁਖਬੀਰ ਬਾਦਲ ਦੇ ਫ਼ੈਸਲੇ ਨੂੰ ਗ਼ਲਤ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ 80 ਫੀਸਦੀ ਨੇਤਾ ਅੰਦਰੂਨੀ ਤੌਰ ‘ਤੇ ਉਸ ਨਾਲ ਸਹਿਮਤ ਹਨ ਅਤੇ ਉਹ ਖੁਸ਼ ਹਨ ਕਿ ਉਸ ਨੇ ਬਾਦਲਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਆਪਣੇ ਨਾਂ ਪਿੱਛੇ ਬਰਾੜ ਉਪਨਾਮ ਲਾਉਣਾ ਛੱਡ ਦਿੱਤਾ ਸੀ ਤੇ ਅੱਜ ਜਥੇਦਾਰ ਵੱਲੋਂ ਕਿਹਾ ਗਿਆ ਹੈ ਕਿ ਉਹ ਹੁਣ ਆਪਣੇ ਨਾਮ ਪਿੱਛੇ ਅਕਾਲੀ ਲਗਾਉਣਗੇ। ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਪਾਰਟੀ ਦੀ ਸਿਆਸੀ ਹਾਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਅਸੰਤੁਸ਼ਟ ਅਕਾਲੀ ਆਗੂਆਂ ਨੂੰ ਅਕਾਲੀ ਦਲ ਦੇ ਆਧਾਰ ਨੂੰ ਮੁੜ ਸਥਾਪਤ ਕਰਨ ਲਈ ਇਕੱਠਿਆਂ ਹੋਣਾ ਚਾਹੀਦਾ ਹੈ। ਜਗਮੀਤ ਸਿੰਘ ਬਰਾੜ ਨੇ ਹੋਰ ਵੀ ਕਈ ਪੱਖ ਰੱਖੇ ਅਤੇ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕਰਦੇ ਰਹਿਣ ਦੀ ਗੱਲ ਦੁਹਰਾਈ।