ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਜਾ ਰਹੀ ਚੋਣ ਤੋਂ ਪਹਿਲਾਂ ਅਕਾਲੀ ਸਿਆਸਤ ‘ਚ ਵੱਡਾ ਧਮਾਕਾ ਹੋ ਗਿਆ ਹੈ। ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕਰ ਚੁੱਕੀ ਤਿੰਨ ਵਾਰ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰਕੇ 48 ਘੰਟੇ ‘ਚ ਜਵਾਬ ਮੰਗਿਆ ਹੈ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਇਸ ਤੋਂ ਪਹਿਲਾਂ ਜਗਮੀਤ ਸਿੰਘ ਬਰਾੜ ਨੂੰ ਵੀ ਇਕ ਨੋਟਿਸ ਜਾਰੀ ਕੀਤਾ ਸੀ। ਅੱਜ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ‘ਚ ਬੀਬੀ ਜਗੀਰ ਕੌਰ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ। ਬੀਬੀ ਜਗੀਰ ਕੌਰ ਨੇ ਪਾਰਟੀ ਫ਼ੈਸਲੇ ਤੋਂ ਬਾਹਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਪਰ ਉਨ੍ਹਾਂ ਆਪਣੇ ਫ਼ੈਸਲੇ ‘ਤੇ ਕਾਇਮ ਰਹਿਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਅੱਜ ਪਾਰਟੀ ਦੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ ਜਿਸ ‘ਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਚੰਡੀਗੜ੍ਹ ‘ਚ ਬੁੱਧਵਾਰ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ ਜਿਸ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਮੁੱਦੇ ‘ਤੇ ਚਰਚਾ ਹੋਈ। ਇਸ ਮੀਟਿੰਗ ‘ਚ ਸੁਰਜੀਤ ਸਿੰਘ ਰੱਖੜਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਨਾਲ ਬੀਤੇ ਦਿਨ ਹੋਈ ਮੀਟਿੰਗ ਦੀ ਰਿਪੋਰਟ ਸੌਂਪ ਦਿੱਤੀ। ਇਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ ਜਿਸ ‘ਚ ਉਕਤ ਸਖ਼ਤ ਫ਼ੈਸਲਾ ਲਿਆ ਹੈ।