ਇਕ ਪਾਸੇ ਹਾਲ ਹੀ ‘ਚ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਦੋਵੇਂ ਬਾਦਲਾਂ, ਸਾਬਕਾ ਡੀ.ਜੀ.ਪੀ. ਅਤੇ ਹੋਰਨਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਫਰੀਦਕੋਟ ‘ਚ ਚਾਰਜਸ਼ੀਟ ਪੇਸ਼ ਕੀਤੀ ਤਾਂ ਦੂਜੇ ਪਾਸੇ ਅੱਜ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਇਕ ਵੱਡਾ ਫ਼ੈਸਲਾ ਸੁਣਾਇਆ ਜਿਸ ਨਾਲ ਇਸ ਸਮੁੱਚੀ ਜਾਂਦ ਅਤੇ ਕੇਸ ਦੇ ਪ੍ਰਭਾਵਿਤ ਹੋਣ ਦੇ ਆਸਾਰ ਬਣ ਗਏ ਹਨ। ਬਰਗਾੜੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਵੱਲੋਂ ਪਾਈ ਇਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮ ਸੁਣਾਏ ਹਨ। ਇਸ ਪਟੀਸ਼ਨ ‘ਚ ਡੇਰਾ ਪ੍ਰੇਮੀਆਂ ਵੱਲੋਂ ਦੋ ਡੇਰਾ ਪ੍ਰੇਮੀਆਂ ਦੇ ਕਤਲ ਦਾ ਹਵਾਲਾ ਦੇ ਕੇ ਮੰਗ ਕੀਤੀ ਗਈ ਸੀ ਕਿ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਕਰਵਾਈ ਜਾਵੇ। ਇਸ ਮੰਗ ਨੂੰ ਮੰਨਦਿਆਂ ਸੁਪਰੀਮ ਕੋਰਟ ਨੇ ਅੱਜ ਹੁਕਮ ਜਾਰੀ ਕੀਤੇ ਹਨ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਹੋਵੇਗੀ। ਜ਼ਿਕਰਯੋਗ ਹੈ ਕਿ 2015 ‘ਚ ਵਾਪਰੀ ਇਸ ਘਟਨਾ ਦੇ ਇਸ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਜ਼ਿਕਰਯੋਗ ਹੈ ਕਿ ਬਹਿਬਲ ਗੋਲੀ ਕਾਂਡ, ਕੋਟਕਪੂਰਾ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾ ਵੱਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਅੱਜ ਪੰਜਾਬ ਤੋਂ ਬਾਹਰ ਇਸ ਕੇਸ ਦੀ ਸੁਣਵਾਈ ਕਰਨ ਹੁਕਮ ਦੇਣ ਨਾਲ ਕਈ ਤਰ੍ਹਾਂ ਖਦਸ਼ੇ ਪ੍ਰਗਟਾਏ ਜਾਣ ਲੱਗੇ ਹਨ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਹ ਹੁਕਮ ਦਿੱਤਾ ਹੈ। ਦਰਅਸਲ ਬੇਅਦਬੀ ਕੇਸ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆਂ ਦੇ ਕਤਲ ਮਗਰੋਂ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਘਟਨਾਵਾਂ ‘ਚ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਹੋਣ ਕਰ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਬੇਅਦਬੀ ਮਾਮਲੇ ‘ਚ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਪਿਛਲੇ ਸਾਲ ਦਸੰਬਰ ਮਹੀਨੇ ‘ਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਹੈ ਕਿ ਇਨ੍ਹਾਂ ਘਟਨਾਵਾਂ ‘ਚ 10 ਨਵੰਬਰ 2022 ਨੂੰ ਕੋਟਕਪੂਰਾ ‘ਚ ਪ੍ਰਦੀਪ ਸਿੰਘ ਕਟਾਰੀਆ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਟੀਸ਼ਨ ‘ਚ ਕਿਹਾ ਗਿਆ ਕਿ ਉਨ੍ਹਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ‘ਚ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ‘ਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ।