ਸਿੱਧੂ ਮੂਸੇਵਾਲਾ ਦੇ ਚਰਚਿਤ ਗਾਣੇ ‘ਐੱਸ.ਵਾਈ.ਐੱਲ’ ਵਿੱਚ ਜ਼ਿਕਰ ਆਉਣ ਕਰਕੇ ਦੁਬਾਰਾ ਨਵੀਂ ਪੀਡ਼੍ਹੀ ’ਚ ਪ੍ਰਸਿੱਧ ਹੋਏ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ’ਚ ਲੱਗੇਗੀ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰਕੇ ਕਾਂਗਰਸ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ’ਚ ਝੂਠੇ ਦੋਸ਼ ਲਾ ਕੇ ਬਦਨਾਮ ਕੀਤਾ ਹੈ। ਇਸ ਸਬੰਧ ’ਚ ਕਾਂਗਰਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਜਨਤਕ ਕੀਤੀ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਇਸ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਈ ਸ਼ਮੂਲੀਅਤ ਨਹੀਂ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਤੋਂ ਆਈ ਮੰਗ ਮੁਤਾਬਕ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚਾਰਟਰਡ ਉਡਾਣ ਰਾਹੀਂ ਵਿਦੇਸ਼ ਭੇਜਣ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਕਿ ਬਲਵਿੰਦਰ ਸਿੰਘ ਜਟਾਣਾ ਨੇ ਐੱਸ.ਵਾਈ.ਐੱਲ. ਕੱਢਣ ਦੇ ਵਿਰੋਧ ’ਚ ਇਸ ’ਤੇ ਕੰਮ ਕਰਦੇ ਅਧਿਕਾਰੀ ਦੀ ਦਫ਼ਤਰ ’ਚ ਜਾ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।