ਭਾਜਪਾ ਖ਼ਿਲਾਫ਼ ਸਖ਼ਤ ਬਿਆਨਬਾਜ਼ੀ ਕਰਨ ਵਾਲੇ ਬੈਂਸ ਭਰਾਵਾਂ ਅਤੇ ਉਨ੍ਹਾਂ ਦੀ ਲੋਕ ਇਨਸਾਫ਼ ਪਾਰਟੀ ਨੇ ਜਲੰਧਰ ‘ਚ ਭਾਜਪਾ ਉਮੀਦਵਾਰ ਦੀ ਹਮਾਇਤ ਦਾ ਐਲਾਨ ਕੀਤਾ ਹੈ। ਫਿਲਹਾਲ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਭਾਜਪਾ ‘ਚ ਸ਼ਾਮਲ ਨਹੀਂ ਹੋਏ ਪਰ ਉਨ੍ਹਾਂ ਭਾਜਪਾ ਨਾਲ ‘ਗੱਠਜੋੜ’ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਹਾਜ਼ਰੀ ‘ਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਕੇਂਦਰ ‘ਚ 2024 ‘ਚ ਮੁੜ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਅਗਵਾਈ ‘ਚ ਸਰਕਾਰ ਬਣੇ ਤੇ ਪੰਜਾਬ ‘ਚ 2027 ‘ਚ ਭਾਜਪਾ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ‘ਚ ਦੇਸ਼ ਦਾ ਨਾਂ ਉੱਚਾ ਕਰਨ ‘ਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। ਸਿਰਮਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ 2012 ‘ਚ ਪੰਜਾਬ ਵਿਧਾਨ ਸਭਾ ਦੀ ਚੋਣ ਆਜ਼ਾਦ ਉਮੀਦਵਾਰ ਵਜੋਂ ਲੜੀ ਅਤੇ ਦੋਵੇ ਭਰਾ ਵੱਡੇ ਫ਼ਰਕ ਨਾਲ ਜਿੱਤੇ ਸਨ। ਸਿਮਰਜੀਤ ਸਿੰਘ ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਇਨਸਾਫ਼ ਪਾਰਟੀ ਬਣਾਈ ਤੇ ‘ਆਪ’ ਨਾਲ ਵੀ ਗੱਠਜੋੜ ਕੀਤਾ, ਪਰ ਉਹ ਸਿਰਫ਼ ਦੋ ਸੀਟਾਂ ਹੀ ਬਚਾ ਸਕੇ। ਇਸ ਵਾਰ 2022 ਦੀਆਂ ਚੋਣਾਂ ਇਕੱਲਿਆਂ ਲੜੀਆਂ, ਪਰ ਝਾੜੂ ਅੱਗੇ ਉਹ ਟਿਕ ਨਾ ਸਕੇ। ਇਸ ਮੌਕੇ ਭਾਜਪਾ ਆਗੂ ਵਿਜੈ ਰੂਪਾਨੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਦੇ ਸਮਰਥਨ ਨਾਲ ਭਾਜਪਾ ਮਜ਼ਬੂਤ ਹੋਈ ਹੈ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਉਹ ਅਗਲਾ ਪੂਰਾ ਹਫ਼ਤਾ ਭਾਜਪਾ ਲਈ ਜਲੰਧਰ ਦੀ ਗਲੀ ਗਲੀ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਆਦਮਪੁਰ ‘ਚ ਉਨ੍ਹਾਂ ਦੇ ਨਾਨਕੇ ਹਨ, ਇਸ ਕਰਕੇ ਉਨ੍ਹਾਂ ਨੂੰ ਜਲੰਧਰ ਦਾ ਸਭ ਕੁਝ ਪਤਾ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਸਮਰਥਨ ਦਾ ਐਲਾਨ ਕੀਤਾ ਹੈ, ਹਾਲੇ ਉਹ ਭਾਜਪਾ ‘ਚ ਸ਼ਾਮਲ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ‘ਚ ਸ਼ਾਮਲ ਹੋਣ ਲਈ ਉਹ ਆਪਣੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਉਣਗੇ। ਇਸ ‘ਚ ਫ਼ੈਸਲਾ ਲਿਆ ਜਾਏਗਾ ਕਿ ਉਹ ਕਦੋਂ ਭਾਜਪਾ ਦੀ ਮੈਂਬਰਸ਼ਿਪ ਲੈਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਕੰਮ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਫਿਲੌਰ ਤੋਂ ਲੈ ਕੇ ਜਲੰਧਰ ਤੱਕ ਕਾਫ਼ੀ ਵਿਧਾਨ ਸਭਾ ਹਲਕੇ ਅਜਿਹੇ ਹਨ, ਜਿਨ੍ਹਾਂ ਦੇ ਲੋਕ ਕੰਮ ਕਰਵਾਉਣ ਲਈ ਉਨ੍ਹਾਂ ਦੇ ਦਫ਼ਤਰ ਆਉਂਦੇ ਰਹੇ ਹਨ। ਇਸ ਕਰਕੇ ਉਥੋਂ ਦੇ ਕਾਫ਼ੀ ਲੋਕ ਉਨ੍ਹਾਂ ਦੇ ਸੰਪਰਕ ‘ਚ ਹਨ।