ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀ ਕਾਂਡ ’ਚ ਦਰਜ ਐੱਫ.ਆਈ.ਆਰ. ਅਤੇ ਹੋਈ ਜਾਂਚ ਨੂੰ ਰੱਦ ਕਰਨ ਬਾਰੇ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ’ਚ ਬੇਕਸੂਰ ਲੋਕਾਂ ’ਤੇ ਗੋਲੀ ਚਲਾਉਣ ਵਾਲੇ ਪੁਲੀਸ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਲਈ ਸਰਕਾਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ। ਵਿਰੋਧੀਆਂ ’ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਦੌਰਾਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਬੇਕਸੂਰ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਚਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਕਾਂਗਰਸ ਨੇ ਕੋਟਕਪੂਰਾ ’ਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਠੋਸ ਢੰਗ ਨਾਲ ਨਾ ਕਰਕੇ ਇਸ ਜੁਰਮ ਦੇ ਦੋਸ਼ੀਆਂ ਨੂੰ ਬਚਾਉਣ ਕੰਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਹਾਈ ਕੋਰਟ ਵੱਲੋਂ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕੇਸ ’ਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਕਾਲੀ-ਕਾਂਗਰਸੀ ਗਠਜੋਡ਼ ਜੋ ਹੁਣ ਤੱਕ ਦੋਸ਼ੀਆਂ ਨੂੰ ਬਚਾਉਣ ਲਈ ਢਾਲ ਬਣਿਆ ਹੋਇਆ ਸੀ, ‘ਆਪ’ ਸਰਕਾਰ ਦੇ ਸੱਤਾ ’ਚ ਆਉਣ ਨਾਲ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਉਣ ਦੀ ਦ੍ਰਿਡ਼੍ਹ ਵਚਨਬੱਧਤਾ ਦਾ ਨਤੀਜਾ ਹੈ ਕਿਉਂਕਿ ਸੂਬਾ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ, ਜਦਕਿ ਕਾਂਗਰਸ ਸਰਕਾਰ ਕੋਟਕਪੂਰਾ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਕਰਨ ’ਚ ਅਸਫਲ ਰਹੀ।