ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਦੇ ਪੀੜਤ 7 ਸਾਲ ਬਾਅਦ ਵੀ ਇਨਸਾਫ਼ ਲੈਣ ਲਈ ਸੜਕਾਂ ‘ਤੇ ਬੈਠੇ ਹਨ ਅਤੇ ਵਰ੍ਹੇਗੰਢ ਮੌਕੇ ਅੱਜ ਵੱਡਾ ਇਕੱਠ ਜੁੜਿਆ। ਇਸ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਹਾਕਮ ਧਿਰ ਆਮ ਆਦਮੀ ਪਾਰਟੀ ਵੱਲੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਾਬਕਾ ਪੁਲੀਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸਮੇਤ ਕਈ ਸਿੱਖ ਆਗੂ ਵੀ ਧਰਨੇ ‘ਚ ਮੌਜੂਦ ਸਨ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਹ ਕਹਿੰਦਿਆਂ ਆਪਣਾ ਭਾਸ਼ਣ ਸਮਾਪਤ ਕੀਤਾ ਕਿ ਉਨ੍ਹਾਂ ਦੀ ਅਰਜ਼ੀ ਹੁਣ ਇਨਸਾਫ਼ ਲਈ ਗੁਰੂ ਗੋਬਿੰਦ ਸਿੰਘ ਦੇ ਦਰਬਾਰ ‘ਚ ਹੈ। ਉਨ੍ਹਾਂ ਇਹ ਗੱਲਾਂ ਠੀਕ ਉਸ ਵੇਲੇ ਕਹੀਆਂ ਜਦੋਂ ਪੰਡਾਲ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੈਠੇ ਹੋਏ ਸਨ। ਸਾਬਕਾ ਪੁਲੀਸ ਅਧਿਕਾਰੀ ਨੇ ਆਪਣੀ ਹੀ ਸਰਕਾਰ ਉਪਰ ਕਈ ਤਰ੍ਹਾਂ ਦੇ ਸਵਾਲ ਚੁੱਕੇ। ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ‘ਚ ਉਨ੍ਹਾਂ ਨੂੰ ਬੇਅਦਬੀ ਦੇ ਮੁੱਦੇ ਉਪਰ ਬੋਲਣ ਦੀ ਇਜਾਜ਼ਤ ਦੇਣ ਅਤੇ ਜੇਕਰ ਉਨ੍ਹਾਂ ਦੀ ਰਿਪੋਰਟ ‘ਚ ਇਕ ਵੀ ਗੱਲ ਗ਼ਲਤ ਹੋ ਜਾਵੇ ਤਾਂ ਉਹ ਅਸਤੀਫ਼ਾ ਦੇ ਦੇਣਗੇ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਵੀ ਬੇਅਦਬੀ ਦੇ ਮੁੱਦੇ ‘ਤੇ ਕਟਹਿਰੇ ‘ਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਨਹੀਂ ਸਗੋਂ ਗੁਰੂ ਗ੍ਰੰਥ ਸਾਹਿਬ ਨਾਲ ਕਪਟ ਕੀਤਾ ਸੀ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੀ ਰਿਪੋਰਟ ‘ਚ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ ਦਾ ਥਾਂ-ਥਾਂ ‘ਤੇ ਜ਼ਿਕਰ ਹੈ ਪਰ ਇਸ ਸਬੰਧੀ 7 ਸਾਲ ‘ਚ ਬਣੀਆਂ ਸਰਕਾਰਾਂ ਕਾਰਵਾਈ ਨਹੀਂ ਕਰ ਸਕੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਸ਼ੁਰੂ ਹੋਈਆਂ ਪੜਤਾਲਾਂ ਅਤੇ ਦਰਜ ਹੋਏ ਪਰਚੇ ਕਿਸੇ ਤਣ-ਪੱਤਣ ਨਹੀਂ ਲੱਗੇ। ਦੱਸਣਯੋਗ ਹੈ ਕਿ ਪਿੰਡ ਬਹਿਬਲ ਕਲਾਂ ‘ਚ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲੈ ਕੇ ਸ਼ਾਂਤਮਈ ਧਰਨੇ ‘ਤੇ ਬੈਠੀ ਸਿੱਖ ਸੰਗਤ ‘ਤੇ 14 ਅਕਤੂਬਰ 2015 ਨੂੰ ਉੱਚ ਪੁਲੀਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਅਤੇ ਇਸ ਗੋਲੀ ਕਾਂਡ ‘ਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵਾਪਰੇ ਇਸ ਗੋਲੀ ਕਾਂਡ ਨੇ ਪੰਜਾਬ ਦੇ ਸਿਆਸੀ ਹਾਲਾਤ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਫਿਰ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਗੋਲੀ ਕਾਂਡ ਦੀ ਜਾਂਚ ਲਈ 7 ਦੇ ਕਰੀਬ ਟੀਮਾਂ ਦਾ ਗਠਨ ਕੀਤਾ ਜਾ ਚੁੱਕਿਆ ਹੈ ਪ੍ਰੰਤੂ ਅਜੇ ਵੀ ਪੜਤਾਲ ਅਧੂਰੀ ਹੈ। ਕਾਂਗਰਸ ਸਰਕਾਰ ਨੇ ਇਸ ਗੋਲੀ ਕਾਂਡ ਦੀ ਪੜਤਾਲ ਲਈ ਜਾਂਚ ਟੀਮ ਦਾ ਗਠਨ ਕੀਤਾ ਸੀ ਅਤੇ ਇਸ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਅਤੇ ਕੁਝ ਸਿਆਸੀ ਆਗੂਆਂ ਨੂੰ ਬਹਿਬਲ ਗੋਲੀ ਕਾਂਡ ਦੀ ਸਾਜਿਸ਼ ਰਚਣ ਦਾ ਕਸੂਰਵਾਰ ਮੰਨਿਆ ਸੀ ਅਤੇ ਇਸ ਸਬੰਧੀ ਚਾਰਜਸ਼ੀਟ ਫ਼ਰੀਦਕੋਟ ਅਦਾਲਤ ‘ਚ ਪੇਸ਼ ਵੀ ਕਰ ਦਿੱਤੀ ਸੀ। ਪੰਜਾਬ ਸਰਕਾਰ ਨੇ ਇਸੇ ਆਧਾਰ ‘ਤੇ ਉਮਰਾਨੰਗਲ ਨੂੰ ਮੁਅੱਤਲ ਵੀ ਕਰ ਦਿੱਤਾ ਸੀ ਪਰ ਜਾਂਚ ਟੀਮ ਦੀ ਰਿਪੋਰਟ ਦੇ ਆਧਾਰ ‘ਤੇ ਸ਼ੁਰੂ ਹੋਇਆ ਮੁਕੱਦਮਾ ਕਿਸੇ ਅੰਜਾਮ ‘ਤੇ ਨਹੀਂ ਪੁੱਜ ਸਕਿਆ। ਇਨਸਾਫ਼ ਲਈ ਲੱਗੇ ਮੋਰਚੇ ਦੀ ਅਗਵਾਈ ਕਰ ਰਹੇ ਮ੍ਰਿਤਕ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨੇ ਕਿਹਾ ਕਿ ਗੋਲੀ ਕਾਂਡ ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਪੰਜਾਬ ‘ਚ ਬਣੀਆਂ ਹਨ ਉਨ੍ਹਾਂ ਨੇ ਇਨਸਾਫ਼ ਦੇਣ ‘ਚ ਕੋਈ ਦਿਲਚਸਪੀ ਨਹੀਂ ਦਿਖਾਈ। ਨੈਸ਼ਨਲ ਹਾਈਵੇ ‘ਤੇ ਅੱਜ ਹੋਲੀ ਕਾਂਡ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਕੋਟਕਪੂਰਾ ਅਤੇ ਬਹਿਬਲ ਕਲਾਂ ‘ਚ ਸੱਤ ਸਾਲ ਪਹਿਲਾਂ ਵਾਪਰੇ ਬੇਅਦਬੀ ਕਾਂਡ ਤੇ ਮਗਰੋਂ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਕਾਰਵਾਈ ਕਰਨ ਦੀ ਮੰਗ ਤਹਿਤ ਗੁਰਦੁਆਰਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਬਾਬਾ ਬਲਦੇਵ ਸਿੰਘ ਜੋਗੇਵਾਲ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਇਨਸਾਫ਼ ਮਾਰਚ ਕੱਢਿਆ ਗਿਆ।