ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀ.) ਸਕੀਮ ਬੰਦ ਕਰਨ ਖ਼ਿਲਾਫ਼ ਭੜਕੇ ਸੈਨਿਕਾਂ ਨੇ ਵਰਤਮਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਮੁਜ਼ਾਹਰਾ ਕੀਤਾ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਸਾਬਕਾ ਸੈਨਿਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟ ਕਰਦਿਆਂ ਜੀ.ਓ.ਜੀ. ਸਕੀਮ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਸੂਬਾ ਸਰਕਾਰ ‘ਤੇ ਸਾਬਕਾ ਸੈਨਿਕਾਂ ਦੇ ਅਪਮਾਨ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਖੁਸ਼ਹਾਲੀ ਦੇ ਰਾਖੇ ਵਜੋਂ ਕੰਮ ਕਰਨ ਵਾਲੇ ਸਾਬਕਾ ਸੈਨਿਕਾਂ ਨੇ ਜੀ.ਓ.ਜੀ. ਸਕੀਮ ਮੁੜ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਕੀਮ ਬੰਦ ਕਰਨ ਲਈ ਵਰਤੀ ਅਪਮਾਨਜਨਕ ਸ਼ਬਦਾਵਲੀ ਲਈ ਸਰਕਾਰ ਸਾਬਕਾ ਸੈਨਿਕਾਂ ਤੋਂ ਮੁਆਫ਼ੀ ਮੰਗੇ। ਸੂਬੇ ਭਰ ‘ਚੋਂ ਚਿੱਟੇ ਕੁੜਤੇ ਪਾ ਕੇ ਅਤੇ ਉਨਾਭੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਵੱਡੀ ਗਿਣਤੀ ਸਾਬਕਾ ਸੈਨਿਕ ਮੁੱਖ ਮੰਤਰੀ ਦੀ ਕੋਠੀ ਅੱਗੇ ਪੁੱਜੇ। ਪੁਲੀਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਵਾਲੇ ਪਾਸੇ ਸੜਕ ਉੱਪਰ ਬੈਰੀਕੇਡ ਲਗਾਏ ਗਏ ਸਨ ਪਰ ਸਾਬਕਾ ਸੈਨਿਕਾਂ ਵੱਲੋਂ ਦੂਜੇ ਪਾਸੇ ਸਾਹਮਣੇ ਵਾਲੀ ਸੜਕ ਉੱਪਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜੀ.ਓ.ਜੀ. ਦੇ ਸੂਬਾ ਪ੍ਰਧਾਨ ਕੈਪਟਨ ਗੁਲਾਬ ਸਿੰਘ, ਕੈਪਟਨ ਕਮਲ ਕੁਮਾਰ ਵਰਮਾ, ਕੈਪਟਨ ਸਿਕੰਦਰ ਸਿੰਘ, ਸੂਬੇਦਾਰ ਮੇਜਰ ਯਾਦਵਿੰਦਰ ਸਿੰਘ, ਸੂਬੇਦਾਰ ਮੇਜਰ ਲਾਲ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ.ਓ.ਜੀ. ਸਕੀਮ ਨੂੰ ਬੰਦ ਕਰਨ ਦਾ ਫ਼ੈਸਲਾ ਨਿੰਦਣਯੋਗ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਹ ਸਕੀਮ ਬਹਾਲ ਨਾ ਕੀਤੀ ਗਈ ਤਾਂ ਸਮਾਜ ‘ਚ ਭ੍ਰਿਸ਼ਟਾਚਾਰ ਦੁਬਾਰਾ ਫੈਲ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਿਸ਼ਚਿਤ ਕਰਵਾਈ ਜਾਵੇ।