ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਸਮੇਂ ਸਿੱਖ ਮਰਿਆਦਾ ‘ਉਲੰਘਣ’ ਦਾ ਮਾਮਲਾ ਉਭਾਰਨ ਤੋਂ ਬਾਅਦ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਬਾਬਤ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਮਲੇ ਦੀ ਲਿਖ਼ਤੀ ਸ਼ਿਕਾਇਤ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰਧਾਨ ਧਾਮੀ ਨੇ ਜਥੇਦਾਰ ਨੂੰ ਲਿਖਤੀ ਪੱਤਰ ’ਚ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ’ਚ ਜਿਸ ਗੱਡੀ ’ਚ ਪਾਲਕੀ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਸਨ, ਉਸ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਧਾਮੀ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਕੌਮ ਦੇ ਦੇਵਤਾ ਹਨ ਅਤੇ ਹਰ ਸਿੱਖ ਪਵਿੱਤਰ ਗੁਰਬਾਣੀ ਨੂੰ ਸਤਿਕਾਰ ਕਰਦਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ’ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਵਿੱਤਰ ਸਰੂਪ ਵਾਲੀ ਗੱਡੀ ਰੋਕ ਕੇ ਉਸ ਦੀ ਤਲਾਸ਼ੀ ਲਈ ਜਾਂਦੀ ਹੈ ਜੋ ਕਿ ਗ੍ਰੰਥ ਸਾਹਿਬ ਦੇ ਰੁਤਬੇ ਅਤੇ ਸਤਿਕਾਰ ਦੀ ਨਿੰਦਾ ਹੈ। ਪ੍ਰਧਾਨ ਦਾ ਕਹਿਣਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਦੇ ਘਰ ’ਚ ਅਜਿਹਾ ਹੋਣਾ ਬੇਹੱਦ ਦੁੱਖ਼ ਦੀ ਗੱਲ ਹੈ ਕਿਉਂਕਿ ਮੁੱਖ ਮੰਤਰੀ ਧਰਮ ਦੇ ਸਤਿਕਾਰ ਲਈ ਵਚਨਬੱਧ ਹੁੰਦੇ ਹਨ। ਉਨ੍ਹਾਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦੇ ਹੋਏ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ।