‘ਆਪ’ ਸਰਕਾਰ ‘ਤੇ ਅੰਦਰ ਹੀ ਪੰਜਾਬ ‘ਚ ਪੂਰੀ ਤਰ੍ਹਾਂ ਫਲਾਪ ਹੋਣ ਦਾ ਦੋਸ਼ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਹੋਰ ਵੀ ਕਈ ਸਵਾਲ ਚੁੱਕੇ ਹਨ। ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਦੇ ਵਾਅਦੇ ਨੂੰ ਦੇਖਦੇ ਹੋਏ ‘ਆਪ’ ਭਾਰੀ ਬਹੁਮਤ ਦੇ ਕੇ ਸੂਬੇ ਦੀ ਸੱਤਾ ‘ਤੇ ਕਾਬਜ਼ ਕੀਤਾ ਸੀ ਤਾਂ ਜੋ ਇਹ ਸੂਬੇ ‘ਚ ਨਵੀਂ ਸੋਚ ਤੇ ਨਵੀਂ ਤਬਦੀਲੀ ਲਿਆਉਣਗੇ ਪਰ ਇਕ ਸਾਲ ਦੇ ਕਾਰਜਕਾਲ ‘ਚ ਹੀ ਸਰਕਾਰ ਪੂਰੀ ਤਰ੍ਹਾਂ ਫਲਾਪ ਹੋ ਗਈ ਹੈ ਕਿਉਂਕਿ ਅੱਜ ਤੱਕ ਨਾ ਤਾਂ ਕੋਈ ਵਾਅਦਾ ਪੂਰਾ ਹੋਇਆ ਹੈ ਤੇ ਨਾ ਹੀ ਕੋਈ ਬਦਲਾਅ ਹੋਇਆ ਹੈ। ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਫੇਲ੍ਹ ਮੁੱਖ ਮੰਤਰੀ ਤੇ ਫੇਲ੍ਹ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ 3 ਮਹੀਨੇ ਬਾਅਦ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਹਾਰ ਗਈ ਸੀ ਤੇ ਹੁਣ ਜਲੰਧਰ ਦੀ ਉਪ ਚੋਣ ਹਾਰਨ ਜਾ ਰਹੀ ਹੈ। ਰਾਜਾ ਵੜਿੰਗ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਮੌਂਟੀ ਸਹਿਗਲ ਨੂੰ ਮੁੜ ਕਾਂਗਰਸ ‘ਚ ਸ਼ਾਮਲ ਕਰਨ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਸਾਲ ਬਾਅਦ ਵੀ ‘ਆਪ’ ਨੂੰ ਜਲੰਧਰ ‘ਚ ਉਪ ਚੋਣ ਲੜਨ ਲਈ ਕੋਈ ਉਮੀਦਵਾਰ ਤੇ ਵਾਲੰਟੀਅਰ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ‘ਆਪ’ ਉਮੀਦਵਾਰ ਨਾਲ ਕੀ ਡੀਲ ਹੋਈ ਪਰ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਪੂਰੀ ਤਰ੍ਹਾਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਵੀ ਇਨਸਾਫ਼ ਲਈ ਤਰਸ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਿੱਧੂ ਦੇ ਪਿਤਾ ‘ਆਪ’ ਖ਼ਿਲਾਫ਼ ਪ੍ਰਚਾਰ ਕਰਨ ਲਈ ਜਲੰਧਰ ਆਉਂਦੇ ਹਨ ਤਾਂ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਜਾ ਸਕੇ, ਇਥੋਂ ਤੱਕ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਲਈ 66,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸੂਬਾ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਆਦਿ ਵੀ ਹਾਜ਼ਰ ਸਨ।