ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ‘ਚ ਪੈਟਰੋਲ ਪੰਪ ਨੂੰ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁਹਾੜਾ ਕੋਲ ਏ.ਟੀ.ਐਮ. ਲੁੱਟਣ ਦੀ ਕੋਸ਼ਿਸ਼ ਦੌਰਾਨ ਗੋਲੀ ਚਲਾਉਣ ਦੇ ਦੋਸ਼ ਹੇਠ ਪੁਲੀਸ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਪੁੱਤਰ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੂੰ ਜਦੋਂ ਪੁਲੀਸ ਨੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਤਾਂ ਮੁਲਜ਼ਮ ਨੇ ਪੁਲੀਸ ਮੁਲਾਜ਼ਮ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਉਸ ਨੂੰ ਜ਼ਖਮੀ ਕਰ ਦਿੱਤਾ, ਪਰ ਪੁਲੀਸ ਨੇ ਮੁਸਤੈਦੀ ਦਿਖਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਉਦੈ ਰਾਜ ਗਰੇਵਾਲ ਵਜੋਂ ਹੋਈ ਹੈ, ਜਦੋਂਕਿ ਉਸਦਾ ਦੂਜਾ ਸਾਥੀ ਪਿੰਡ ਧੌਲਾ ਵਾਸੀ ਅੰਮ੍ਰਿਤਰਾਜ ਸਿੰਘ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿਛ ਕਰਨ ‘ਚ ਲੱਗੀ ਹੋਈ ਹੈ। ਉਧਰ ਭਾਜਪਾ ਨੇਤਾ ਗਰੇਵਾਲ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨੂੰ 2015 ‘ਚ ਹੀ ਬੇਦਖਲ ਕਰ ਚੁੱਕੇ ਹਨ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਦੈ ਰਾਜ ਸਿੰਘ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਸੀ। ਲੁੱਟ ਕਾਂਡ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸ ਨੇ ਹਾਂਡਾ ਸਿਟੀ ਕਾਰ ਦੀ ਨੰਬਰ ਪਲੇਟ ਉਤਾਰੀ ਅਤੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਦਾ ਇਥੇ ਦਿਲ ਨਹੀਂ ਭਰਿਆ ਅਤੇ ਉਹ ਕੁਹਾੜਾ ਦੇ ਕੋਲ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਨੂੰ ਲੁੱਟਣ ਲਈ ਅੰਦਰ ਦਾਖ਼ਲ ਹੋ ਗਏ। ਏ.ਟੀ.ਐਮ. ਮਸ਼ੀਨ ਨਾ ਟੁੱਟੀ ਤਾਂ ਮੁਲਜ਼ਮਾਂ ਨੇ ਉਥੇ ਗੋਲੀ ਚਲਾ ਦਿੱਤੀ। ਗੋਲੀ ਨਾਲ ਵੀ ਮਸ਼ੀਨ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ ਤਾਂ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਮਸ਼ੀਨ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ। ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਕਿ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਕੋਈ ਹੋਰ ਨਹੀਂ ਬਲਕਿ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਪੁੱਤਰ ਉਦੈ ਗਰੇਵਾਲ ਹੈ ਤੇ ਉਹ ਚੰਡੀਗੜ੍ਹ ‘ਚ ਹੈ। ਇਸ ਤੋਂ ਬਾਅਦ ਪੁਲੀਸ ਦੀ ਇਕ ਟੀਮ ਚੰਡੀਗੜ੍ਹ ਰਵਾਨਾ ਹੋ ਗਈ। ਉਥੇ ਜਦੋਂ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਪੁਲੀਸ ਕਰਮੀ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਉਸ ਨੂੰ ਜ਼ਖਮੀ ਕਰ ਦਿੱਤਾ, ਪਰ ਪੁਲੀਸ ਨੇ ਫਿਰ ਵੀ ਉਸ ਨੂੰ ਕਿਸੇ ਤਰ੍ਹਾਂ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦੇ ਪਿਤਾ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਆਪਣੇ ਪੁੱਤਰ ਨੂੰ ਪਹਿਲਾਂ ਹੀ ਜਾਇਦਾਦ ਵਿੱਚੋਂ ਬੇਦਖ਼ਲ ਕੀਤਾ ਹੋਇਆ ਹੈ। ਉਨ੍ਹਾਂ ਇਸ ਬਾਰੇ ਸੋਸ਼ਲ ਮੀਡੀਆ ‘ਤੇ ਵੀ ਇਹ ਜਾਣਕਾਰੀ ਸਾਂਝੀ ਕੀਤੀ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਾ ਕੋਈ ਵੀ ਹੋਵੇ, ਉਸ ਨੂੰ ਕਿਸੇ ਵੀ ਹਾਲ ‘ਚ ਛੱਡਿਆ ਨਹੀਂ ਜਾਵੇਗਾ।