ਆਪਰੇਸ਼ਨ ਲੋਟਸ ਦਾ ਦੋਸ਼ ਲਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬੀ ਸਰਕਾਰ ਨੇ ਵਿਧਾਨ ਸਭਾ ‘ਚ ਭਰੋਸਗੀ ਮਤਾ ਲਿਆਂਦਾ ਜੋ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਤੇ ‘ਤੇ ਹੋਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕੀਤਾ। ਹਾਕਮ ਪਾਰਟੀ ‘ਆਪ’ ਦੇ 91 ਵਿਧਾਇਕਾਂ ਨੇ ਮਤੇ ਦੇ ਹੱਕ ‘ਚ ਹੱਥ ਖੜ੍ਹੇ ਕੀਤੇ ਜਦੋਂਕਿ ਸਦਨ ‘ਚ ਉਸ ਵੇਲੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਇਕ ਇਕ ਵਿਧਾਇਕ ਨੇ ਮਤੇ ਦਾ ਵਿਰੋਧ ਨਹੀਂ ਕੀਤਾ। ਭਾਜਪਾ ਵਿਧਾਇਕ ਇਜਲਾਸ ਦੇ ਬਾਈਕਾਟ ਕਰਕੇ ਪਹਿਲਾਂ ਹੀ ਸਦਨ ‘ਚੋਂ ਗ਼ੈਰਹਾਜ਼ਰ ਸਨ। ਪਰ ਇਸ ਤੋਂ ਬਾਅਦ ਸਵਾਲ ਇਹ ਪੈਦਾ ਹੋ ਗਿਆ ਕਿ ਚਾਰ ਦਿਨ ਲੱਖਾਂ ਰੁਪਏ ਖਰਚ ਕਰਕੇ ਅਸੈਂਬਲੀ ਦੇ ਦੇਸ਼ ‘ਚ ਪੰਜਾਬ ਤੇ ਪੰਜਾਬੀ ਦੇ ਪੱਲੇ ਕੀ ਪਿਆ। ਅਸਲ ‘ਚ ਕਿਸੇ ਨੇ ਇਸ ਸੈਸ਼ਨ ਤੋਂ ਕੁਝ ਨਹੀਂ ਖੱਟਿਆ ਅਤੇ ਸ਼ੋਰ-ਸ਼ਰਾਬੇ ਨਾਲ ਇਹ ਚੱਲਿਆ ਤੇ ਖ਼ਤਮ ਹੋਇਆ। 92 ਵਿਧਾਇਕਾਂ ਕਰਕੇ ਸਰਕਾਰ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਸੀ ਅਤੇ ਨਾ ਹੀ ਕਿਸੇ ਵਿਰੋਧੀ ਧਿਰ ਨੇ ਬੇਭਰੋਸਗੀ ਦਾ ਮਤਾ ਲਿਆਂਦਾ ਸੀ ਜਿਸ ਕਰਕੇ ਭਰੋਸੇ ਦਾ ਵੋਟ ਹਾਸਲ ਕਰਨ ਦੀ ਲੋੜ ਪੈਂਦੀ। ‘ਆਪ’ ਦੇ ਅਸੈਂਬਲੀ ‘ਚ ਸਪੀਕਰ ਸਣੇ ਕੁੱਲ 92 ਵਿਧਾਇਕ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਗੀ ਮਤੇ ਨੂੰ 93 ਵਿਧਾਇਕਾਂ ਦੀ ਹਮਾਇਤ ਹੋਣ ਦਾ ਦਾਅਵਾ ਕੀਤਾ। ਇਸ ਤੋਂ ਪਹਿਲਾਂ ਸਦਨ ‘ਚ ਭਰੋਸਗੀ ਮਤੇ ‘ਤੇ ਹੋਈ ਬਹਿਸ ਨੂੰ ਮੁੱਖ ਮੰਤਰੀ ਵੱਲੋਂ ਹੀ ਸਮੇਟਿਆ ਗਿਆ। ਉਨ੍ਹਾਂ ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਹਮਲੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ‘ਚ ਭਰੋਸਗੀ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸਰਕਾਰ ‘ਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮਤੇ ਦੇ ਪਾਸ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਨਹੀਂ ਖਰੀਦਿਆ ਜਾ ਸਕਦਾ। ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ। ਮੁੱਖ ਮੰਤਰੀ ਨੇ ਦੇਸ਼ ‘ਚ ਜਮਹੂਰੀਅਤ ਦੇ ਕਤਲ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਦੇਸ਼ ਲਈ ਵੱਡਾ ਖਤਰਾ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਭਾਜਪਾ ਮੁਲਕ ‘ਚ ਪਿਛਲੇ ਦਰਵਾਜ਼ੇ ਰਾਹੀਂ ਸੂਬਿਆਂ ‘ਚ ਸਰਕਾਰਾਂ ਬਣਾਉਣ ਦੀ ਕਲਾ ‘ਚ ਮੁਹਾਰਤ ਹਾਸਲ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਸਮਰਥਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਦਫ਼ਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ‘ਚ ਲੋਕ ਸੁਪਰੀਮ ਹਨ ਅਤੇ ਉਹ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।