ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਚੋਣ ਲੜਨ ਦੇ ਆਪਣੇ ਸਟੈਂਡ ‘ਤੇ ਕਾਇਮ ਹਨ। ਪਿਛਲੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨਾਲ ਹੋਈ ਬੰਦ ਕਮਰਾ ਮੀਟਿੰਗ ਵਿੱਚਲੀ ਗੱਲਬਾਤ ਦਾ ਖੁਲਾਸਾ ਕਰਕੇ ਉਨ੍ਹਾਂ ਅਕਾਲੀ ਦਲ ਨੂੰ ਕਸੂਤੀ ਸਥਿਤੀ ‘ਚ ਫਸਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਹੈ ਕਿ ਸੀਨੀਅਰ ਅਕਾਲੀ ਆਗੂ ਡਾ. ਚੀਮਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨਾਲ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ। ਗੱਠਜੋੜ ਬਿਨਾਂ 2024 ਦੀਆਂ ਲੋਕ ਸਭਾ ਚੋਣਾਂ ‘ਚ ਦੋਵਾਂ ਪਾਰਟੀਆਂ ਦਾ ਪੰਜਾਬ ‘ਚ ਜਿੱਤਣਾ ਮੁਸ਼ਕਿਲ ਹੈ। ਇਸ ਲਈ ਦੋਵਾਂ ਪਾਰਟੀਆਂ ਨੂੰ ਗੱਠਜੋੜ ਕਰਨਾ ਪਏਗਾ। ਉਧਰ ਲੰਘੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ‘ਚ ਭਾਜਪਾ ‘ਤੇ ਸਿੱਖ ਕੌਮ ਦੇ ਧਾਰਮਿਕ ਮਸਲਿਆਂ ‘ਚ ਸਿੱਧੇ ਤੌਰ ‘ਤੇ ਦਖਲ ਦੇਣ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਨ ਦੇ ਦੋਸ਼ ਲਗਾਏ ਸਨ। ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਫੋਨ ਕਰਕੇ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਕਿਹਾ ਸੀ। ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ‘ਚ ਹੋਈ ਗੱਲਬਾਤ ਦਾ ਖੁਲਾਸਾ ਕਰਕੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਕਸੂਤੀ ਸਥਿਤੀ ‘ਚ ਫਸਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਵਰਕਰ ਹਨ ਅਤੇ ਉਨ੍ਹਾਂ ਪਾਰਟੀ ਵੱਲੋਂ ਦਿੱਤੇ ਗਏ ਨੋਟਿਸ ਦਾ ਮੀਡੀਆ ਰਾਹੀਂ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੇ 33 ਸਾਲ ਪੰਜਾਬ ‘ਚ ਰਾਜਨੀਤੀ ਕੀਤੀ ਹੈ, ਜੇਕਰ ਕੱਲ੍ਹ ਨੂੰ ਮੁੜ ਦੋਵੇਂ ਪਾਰਟੀਆਂ ਗੱਠਜੋੜ ਕਰਦੀਆਂ ਹਨ ਤਾਂ ਇਸ ‘ਚ ਕੋਈ ਮਾੜੀ ਗੱਲ ਨਹੀਂ ਹੈ। ਉਹ ਪਾਰਟੀ ਦੇ ਫ਼ੈਸਲੇ ਨਾਲ ਹਨ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲਿਫ਼ਾਫ਼ਾ ਕਲਚਰ ਦਾ ਵਿਰੋਧ ਕਰਦਿਆਂ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮਗਰੋਂ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੇ ਫੈਸਲੇ ‘ਤੇ ਕਾਇਮ ਹਨ। ਗੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ‘ਚ ਲੰਬੇ ਸਮੇਂ ਬਾਅਦ ਬਾਦਲਾਂ ਨੂੰ ਸਿੱਧੀ ਚੁਣੌਤੀ ਮਿਲੀ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ‘ਚ ਕਿਸੇ ਨੇ ਅਜਿਹੀ ਹਿੰਮਤ ਨਹੀਂ ਦਿਖਾਈ। ਓਧਰ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨ ਦੇਣ ਤੋਂ ਬਾਅਦ ਹੁਣ 9 ਨਵੰਬਰ ਨੂੰ ਇਜਲਾਸ ਮੌਕੇ ਵੋਟਿੰਗ ਦੌਰਾਨ ਬੀਬੀ ਜਗੀਰ ਕੌਰ ਤੇ ਧਾਮੀ ਦੇ ਆਹਮੋ-ਸਾਹਮਣੇ ਹੋਣ ਦੇ ਆਸਾਰ ਬਣ ਗਏ ਹਨ।