ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਰਾਜਪਾਲ ਦੇ ਹੁਕਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਟਕਰਾਅ ਹੋਰ ਵਧ ਗਿਆ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਲਿਖੀਆਂ ਦੋ ਚਿੱਠੀਆਂ ਨੇ ਤਣਾਅ ਵਧਾਉਣ ਦਾ ਕੰਮ ਕੀਤਾ ਹੈ। ਇਕ ਚਿੱਠੀ ਅੰਗਰੇਜ਼ੀ ‘ਚ ਰਾਜਪਾਲ ਨੂੰ ਭੇਜੀ ਗਈ ਜਿਸ ਦੀ ਸ਼ਬਦਾਵਲੀ ਸਾਧਾਰਨ ਹੈ। ਪਰ ਇਕ ਪੰਜਾਬੀ ਵਾਲੀ ਚਿੱਠੀ ਭਗਵੰਤ ਮਾਨ ਨੇ ਟਵਿੱਟਰ ‘ਤੇ ਜਾਰੀ ਕੀਤੀ ਜਿਸ ਦੀ ਇਬਾਰਤ ਨੂੰ ਲੈ ਕੇ ਰਾਜਪਾਲ ਨੇ ਇਤਰਾਜ਼ ਚੁੱਕਿਆ ਹੈ। ਇਸ ਪੱਤਰ ‘ਚ ਤਿੱਖੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਸ ਪੱਤਰ ‘ਚ ਰਾਜਪਾਲ ਨੂੰ ਤਿੱਖੀ ਭਾਸ਼ਾ ‘ਚ ਜੁਆਬ ਦਿੱਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਦਾ ਜੋ ਅੰਗਰੇਜ਼ੀ ‘ਚ ਲਿਖਿਆ ਪੱਤਰ ਰਾਜ ਭਵਨ ਪੁੱਜਿਆ ਹੈ, ਉਸ ‘ਚ ਤਿੱਖੀ ਭਾਸ਼ਾ ਨਹੀਂ ਵਰਤੀ ਗਈ। ਰਾਜ ਭਵਨ ਨੇ ਮੁੱਖ ਮੰਤਰੀ ਤੋਂ ਇਨ੍ਹਾਂ ਦੋਵੇਂ ਪੱਤਰਾਂ (ਪੰਜਾਬੀ ਤੇ ਅੰਗਰੇਜ਼ੀ) ਦੀ ਇਬਾਰਤ ਵਿਚਲੇ ਫ਼ਰਕ ਬਾਰੇ ਸਫ਼ਾਈ ਮੰਗੀ ਹੈ। ਰਾਜ ਭਵਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦਾ ਜੋ ਪੰਜਾਬੀ ਦਾ ਪੱਤਰ ਮੀਡੀਆ ‘ਚ ਚੱਲ ਰਿਹਾ ਹੈ, ਉਹ ਰਾਜ ਭਵਨ ਨੂੰ ਹਾਲੇ ਤੱਕ ਪ੍ਰਾਪਤ ਹੀ ਨਹੀਂ ਹੋਇਆ ਹੈ ਅਤੇ ਜਿਹੜਾ ਅੰਗਰੇਜ਼ੀ ‘ਚ ਲਿਖਿਆ ਪੱਤਰ ਰਾਜ ਭਵਨ ਨੂੰ ਮਿਲਿਆ ਹੈ, ਉਸ ਵਿਚਲੀ ਸਮੱਗਰੀ ਦਾ ਪੰਜਾਬੀ ਭਾਸ਼ਾ ਵਾਲੇ ਪੱਤਰ ਨਾਲ ਕੋਈ ਮੇਲ ਨਹੀਂ ਹੈ। ਉਨ੍ਹਾਂ ਇਹ ਵੀ ਸੁਆਲ ਕੀਤਾ ਹੈ ਕਿ ਰਾਜ ਭਵਨ ਨੂੰ ਭੇਜੇ ਬਿਨਾਂ ਪੰਜਾਬੀ ‘ਚ ਲਿਖਿਆ ਪੱਤਰ ਜਨਤਕ ਕਿਉਂ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਅੰਗਰੇਜ਼ੀ ‘ਚ ਲਿਖੇ ਪੰਜ ਪੰਨਿਆਂ ਦੇ ਪੱਤਰ ‘ਚ ਵੀ.ਸੀ. ਦੀ ਨਿਯੁਕਤੀ ਨੂੰ ਤਕਨੀਕੀ ਅਤੇ ਕਾਨੂੰਨੀ ਹਵਾਲਿਆਂ ਨਾਲ ਜਾਇਜ਼ ਦੱਸਦਿਆਂ ਰਾਜਪਾਲ ਨੂੰ ਇਹ ਮਸਲਾ ਮੁੜ ਵਿਚਾਰ ਕਰਨ ਵਾਸਤੇ ਕਿਹਾ ਗਿਆ ਹੈ। ਡਾ. ਸਤਬੀਰ ਸਿੰਘ ਗੋਸਲ, ਲਖਵਿੰਦਰ ਸਿੰਘ ਰੰਧਾਵਾ ਅਤੇ ਡਾ. ਨਵਤੇਜ ਸਿੰਘ ਬੈਂਸ ਦੇ ਨਾਵਾਂ ਦੇ ਪੈਨਲ ਦੀ ਗੱਲ ਵੀ ਕੀਤੀ ਗਈ ਹੈ। ਦੂਜੇ ਪਾਸੇ ਇਕ ਪੰਨੇ ਦੇ ਪੰਜਾਬੀ ਭਾਸ਼ਾ ਵਾਲੇ ਪੱਤਰ ‘ਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਕਟਹਿਰੇ ‘ਚ ਖੜ੍ਹਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੇ ਕੀਤੇ ਪੱਤਰ ‘ਚ ਰਾਜਪਾਲ ਵੱਲੋਂ ਸੂਬਾ ਸਰਕਾਰ ਦੇ ਕੰਮਾਂ ‘ਚ ਦਿੱਤੇ ਜਾ ਰਹੇ ਬੇਲੋੜੇ ਦਖਲ ‘ਤੇ ਉਂਗਲ ਚੁੱਕੀ ਹੈ। ਭਗਵੰਤ ਮਾਨ ਰਾਜਪਾਲ ਖ਼ਿਲਾਫ਼ ਖੁੱਲ੍ਹ ਕੇ ਬੋਲੇ ਹਨ। ਜ਼ਿਕਰਯੋਗ ਹੈ ਕਿ ਰਾਜਪਾਲ ਨੇ 18 ਅਕਤੂਬਰ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਪੱਤਰ ‘ਚ ਹਵਾਲਾ ਦਿੱਤਾ ਕਿ ਪਹਿਲਾਂ ਪੀ.ਏ.ਯੂ. ਦੇ ਪੁਰਾਣੇ ਵੀ.ਸੀ. ਡਾ. ਬਲਦੇਵ ਸਿੰਘ ਢਿੱਲੋਂ ਅਤੇ ਡਾ. ਐੱਮ.ਐੱਸ. ਕੰਗ ਤੋਂ ਇਲਾਵਾ ਕਿਸੇ ਵੀ ਪਿਛਲੇ ਵੀ.ਸੀ. ਦੀ ਨਿਯੁਕਤੀ ਦੀ ਪ੍ਰਵਾਨਗੀ ਰਾਜਪਾਲ ਤੋਂ ਨਹੀਂ ਗਈ ਸੀ। ਜਿਵੇਂ ਪਹਿਲਾਂ ਹੁੰਦਾ ਸੀ, ਉਵੇਂ ਹੀ ਕਾਨੂੰਨ ਅਨੁਸਾਰ ਡਾ. ਸਤਬੀਰ ਸਿੰਘ ਗੋਸਲ ਨੂੰ ਪੂਰੀ ਪ੍ਰਕਿਰਿਆ ‘ਚੋਂ ਲੰਘ ਕੇ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਡਾ. ਗੋਸਲ ਨਾਮੀ ਵਿਗਿਆਨੀ ਅਤੇ ਸਤਿਕਾਰਤ ਪੰਜਾਬੀ ਸਿੱਖ ਹਨ। ਅਜਿਹੀ ਹਸਤੀ ਨੂੰ ਹਟਾਉਣ ਦੇ (ਰਾਜਪਾਲ) ਹੁਕਮਾਂ ‘ਤੇ ਪੰਜਾਬੀ ਗੁੱਸੇ ‘ਚ ਹਨ। ਪੱਤਰ ‘ਚ ਭਾਰੀ ਬਹੁਮਤ ਵਾਲੀ ਲੋਕਾਂ ਦੀ ਚੁਣੀ ਸਰਕਾਰ ਦੇ ਕੰਮਾਂ ‘ਚ ਪਿਛਲੇ ਕੁਝ ਸਮੇਂ ਤੋਂ ਵਾਰ ਵਾਰ ਦਿੱਤੇ ਜਾ ਰਹੇ ਦਖਲ ਦਾ ਜ਼ਿਕਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਚੇਤੇ ਕਰਾਇਆ ਕਿ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ‘ਚ ਰੁਕਾਵਟ ਪਾਈ ਗਈ, ਫਿਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਵੀ.ਸੀ. ਦੀ ਨਿਯੁਕਤੀ ਰੱਦ ਕੀਤੀ ਗਈ ਤੇ ਹੁਣ ਪੀ.ਏ.ਯੂ. ਦੇ ਵੀ.ਸੀ. ਦੇ ਨਿਯੁਕਤੀ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਾਂ ‘ਚ ਰੁਕਾਵਟ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਦੇ। ਰਾਜਪਾਲ ਨੂੰ ਪ੍ਰਾਪਤ ਹੋਏ ਪੱਤਰ ‘ਚੋਂ ਇਹ ਸਭ ਕੁਝ ਗ਼ਾਇਬ ਹੈ। ਹੁਣ ਅਗਲੇ ਇਕ ਦੋ ਦਿਨਾਂ ‘ਚ ਇਸ ਮਾਮਲੇ ‘ਚ ਰਾਜਪਾਲ ਵੱਲੋਂ ਚੁੱਕੇ ਜਾਣ ਵਾਲੇ ਕਦਮ ਵੱਲ ਸਭ ਦੀਆਂ ਨਜ਼ਰਾਂ ਲੱਗੀਆਂ ਹਨ।