ਪੰਜਾਬ ਸਰਕਾਰ ਵੱਲੋਂ ਵਿੱਢੇ ਪ੍ਰੋਗਰਾਮ ਦੀ ਲੜੀ ‘ਚ ਸੋਮਵਾਰ ਨੂੰ ਮੋਗਾ ‘ਚ ਨੂੰ ਐੱਨ.ਆਰ.ਆਈ. ਮਿਲਣੀ ਸਮਾਗਮ ਹੋਇਆ। ਇਸ ‘ਚ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਪ੍ਰਵਾਸੀ ਪੰਜਾਬੀਆਂ ਦੇ ਦੁੱਖੜੇ ਸੁਣੇ। ਸਮਾਗਮ ‘ਚ ਪ੍ਰਵਾਸੀ ਪੰਜਾਬੀਆਂ ਨੇ ਸ਼ਿਕਾਇਤਾਂ ਦੀ ਝੜੀ ਲਾ ਦਿੱਤੀ ਤਾਂ ਮੰਤਰੀ ਸਮੇਤ ਅਧਿਕਾਰੀ ਹੈਰਾਨ ਰਹਿ ਗਏ। ਇੰਗਲੈਂਡ ਤੋਂ ਆਏ ਪ੍ਰਵਾਸੀ ਪੰਜਾਬੀ ਨੇ ਤਾਂ ਪੰਜਾਬ ਸਰਕਾਰ ‘ਤੇ ਹੀ ਉਸ ਦੀ ਜਗ੍ਹਾ ਨੱਪਣ ਦਾ ਦੋਸ਼ ਮੜ੍ਹ ਦਿੱਤਾ। ਇੰਗਲੈਂਡ ਦੇ ਲੈਸਟਰ ਸ਼ਹਿਰ ਤੋਂ ਆਏ ਚੰਦ ਸਿੰਘ ਜੌਹਲ ਨੇ ਮੰਤਰੀ ਨੂੰ ਦੱਸਿਆ ਕਿ ਉਹ ਪਿਛਲੇ 17 ਸਾਲਾਂ ਤੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਤੋਂ ਆਪਣੀ ਜ਼ਮੀਨ ਛੱਡਵਾਉਣ ਲਈ ਹੁਣ ਤੱਕ ਕਰੋੜਾਂ ਰੁਪਏ ਖਰਚ ਚੁੱਕਾ ਹੈ। ਇਸ ਪ੍ਰਵਾਸੀ ਭਾਰਤੀ ਨੇ ਪੰਜਾਬ ਸਰਕਾਰ ਤੋਂ ਇਕ ਸਰਕਾਰੀ ਹੋਟਲ ਸਭ ਤੋਂ ਵੱਧ ਬੋਲੀ ਦੇ ਕੇ ਖ਼ਰੀਦਿਆ ਸੀ ਪਰ ਸਰਕਾਰ ਨੇ ਵੇਚੀ ਜਗ੍ਹਾ ਦਾ ਪੂਰਾ ਕਬਜ਼ਾ ਨਹੀਂ ਦਿੱਤਾ। ਚੰਦ ਸਿੰਘ ਜੌਹਲ ਨੇ ਮੰਤਰੀ ਨੂੰ ਕਿਹਾ ਕਿ ‘ਮੇਰੀ ਜਗ੍ਹਾ ਪੰਜਾਬ ਸਰਕਾਰ ਨੇ ਦੱਬੀ ਹੋਈ ਹੈ।’ ਪ੍ਰਵਾਸੀ ਮਾਮਲੇ ਦੇ ਮੰਤਰੀ ਵੱਲੋਂ ਸਮਾਗਮ ਦੌਰਾਨ ਨਿੱਜੀ ਤੌਰ ‘ਤੇ 7 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਅਵਾਂ ਸੁਣੀਆਂ ਗਈਆਂ ਅਤੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ‘ਚ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ‘ਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ‘ਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਮੋਗਾ ਸਥਿਤ ਆਈ.ਐੱਸ.ਐੱਫ. ਕਾਲਜ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ‘ਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼਼ ਪਾਲਿਸੀ ਤਿਆਰ ਕਰ ਰਹੀ ਹੈ। ਐੱਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ‘ਚ ਦੋ ਵਾਰ ਐੱਨ.ਆਰ.ਆਈ. ਮਿਲਣੀਆਂ ਆਯੋਜਿਤ ਕਰੇਗੀ। ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ‘ਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ। ਸਮਾਗਮ ‘ਚ ਮੋਗਾ ਤੋਂ ਇਲਾਵਾ ਫਾਜ਼ਿਲਕਾ, ਫਿਰੋਜ਼ਪੁਰ, ਬਠਿੰਡਾ, ਮਾਨਸਾ, ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀਆਂ ਪੰਜਾਬੀਆਂ ਵੱਲੋਂ ਸ਼ਿਰਕਤ ਕੀਤੀ ਗਈ। ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ‘ਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ‘ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ‘ਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ‘ਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐੱਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ‘ਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ। ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ‘ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵੱਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐੱਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁੱਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ।