ਮੋਗਾ ਦੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਕੀਤੇ ਮਾਣਹਾਨੀ ਕੇਸ ‘ਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੀਫ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ੀ ਭੁਗਤੀ। ਵਿੱਤ ਮੰਤਰੀ ਹਰਪਾਲ ਚੀਮਾ ਦੇ ਵਕੀਲਾਂ ਐਡਵੋਕੇਟ ਰਵਿੰਦਰਪਾਲ ਸਿੰਘ ਰੱਤੀਆਂ ਅਤੇ ਬਰਿੰਦਰਪਾਲ ਸਿੰਘ ਰੱਤੀਆਂ ਨੇ ਦੱਸਿਆ ਕਿ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 17 ਫਰਵਰੀ ਦੀ ਤੈਅ ਕੀਤੀ ਹੈ। ਪੇਸ਼ੀ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਜੀ.ਐੱਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਸੂਬੇ ‘ਚ ਵਿੱਤੀ ਸੰਕਟ ਲਈ ਤਤਕਾਲੀ ਅਕਾਲੀ-ਭਾਜਪਾ, ਕਾਂਗਰਸ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ‘ਚ ਨਿਯਮਾਂ ਨੂੰ ਛਿੱਕੇ ਟੰਗ ਕੇ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ‘ਚ ਅਗਲੇ ਮਹੀਨੇ ਪੇਸ਼ ਹੋਣ ਵਾਲਾ ਬਜਟ ਹਰ ਵਰਗ ਲਈ ਸਹੂਲਤਾਂ ਵਾਲਾ ਹੋਵੇਗਾ।