ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਦੋਸ਼ੀ ਕਰਾਰ ਦੇ ਕੇ ਦੋ ਸਾਲ ਦੀ ਸੁਜ਼ਾ ਸੁਣਾਈ ਹੈ। ਸਾਲ 2019 ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ‘ਚ ਸੂਰਤ ਦੀ ਅਦਾਲਤ ਨੇ ਅੱਜ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਨੂੰ ਇਸ ਮਾਮਲੇ ‘ਚ ਜ਼ਮਾਨਤ ਵੀ ਮਿਲ ਗਈ ਤੇ ਅਦਾਲਤ ਨੇ ਸਜ਼ਾ ‘ਤੇ 30 ਦਿਨ ਲਈ ਰੋਕ ਲਗਾ ਦਿੱਤੀ। ਸ਼ਜਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਅਦਾਲਤ ‘ਚ ਹਾਜ਼ਰ ਸਨ। ਇਹ ਮਾਮਲਾ ਰਾਹੁਲ ਗਾਂਧੀ ਦੀ ਉਸ ਟਿੱਪਣੀ ਲਈ ਦਰਜ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਗੋਤ ਮੋਦੀ ਕਿਉਂ ਹੈ?’ ਭਾਜਪਾ ਨੇਤਾ ਅਤੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਇਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਰਾਹੁਲ ਗਾਂਧੀ ਨੂੰ ਆਈ.ਪੀ.ਸੀ. ਦੀ ਧਾਰਾ 504 ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਤੋਂ ਬਾਹਰ ਆਏ ਵਕੀਲ ਮੁਤਾਬਕ ਜੱਜ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਕੀ ਉਹ ਕੁਝ ਕਹਿਣਾ ਚਾਹੁੰਦੇ ਹਨ। ਇਸ ”ਤੇ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਉਠਾਉਂਦੇ ਰਹਿੰਦੇ ਹਨ, ਉਨ੍ਹਾਂ ਨੇ ਜਾਣਬੁੱਝ ਕੇ ਕੁਝ ਨਹੀਂ ਕਿਹਾ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸ਼ਬਦਾਂ ਨਾਲ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ। ਇਸ ਦੇ ਨਾਲ ਹੀ ਇਸਤਗਾਸਾ ਪੱਖ ਦੇ ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਸੰਸਦ ਮੈਂਬਰ ਹਨ। ਜੇਕਰ ਕਾਨੂੰਨ ਬਣਾਉਣ ਵਾਲੇ ਹੀ ਕਾਨੂੰਨ ਤੋੜਨਗੇ ਤਾਂ ਸਮਾਜ ਨੂੰ ਕੀ ਸੁਨੇਹਾ ਜਾਵੇਗਾ? ਇਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਮਿਲਣੀ ਚਾਹੀਦੀ ਹੈ। ਇਹ ਮਾਮਲਾ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਾ ਹੈ। ਇਲਜ਼ਾਮ ਹੈ ਕਿ ਕਰਨਾਟਕ ਦੇ ਕੋਲਾਰ ‘ਚ ਇਕ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ, ‘ਕੈਸੇ ਸਭੀ ਚੋਰਾਂ ਕਾ ਸਰਨਾਮ ਮੋਦੀ ਹੈ?’ ਉਨ੍ਹਾਂ ਦੇ ਬਿਆਨ ਤੋਂ ਬਾਅਦ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਨੇ ਇਸ ਟਿੱਪਣੀ ਨਾਲ ਪੂਰੇ ਮੋਦੀ ਭਾਈਚਾਰੇ ਨੂੰ ਬਦਨਾਮ ਕੀਤਾ ਹੈ।