ਸੰਗਰੂਰ ਦੇ ਹਲਕਾ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੇ ‘ਆਪ’ ਨਾਲ ਸਬੰਧਤ ਕੌਂਸਲਰ ਦਾ ਐਤਵਾਰ ਸਵਖਤੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਸ਼ਹਿਰ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦਾ ਕੌਂਸਲਰ ਮੁਹੰਮਦ ਅਕਬਰ ਭੋਲੀ ਸਵੇਰੇ ਜਿਮ ਵਿਖੇ ਕਸਰਤ ਕਰ ਰਿਹਾ ਸੀ ਜਦੋਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਆਸਪਾਸ ਦੇ ਲੋਕਾਂ ਵੱਲੋਂ ਉਸ ਨੂੰ ਨਿੱਜੀ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋਈ ਕਿ ਕਤਲ ਆਪਸੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਜਾਂ ਸਿਆਸੀ ਕਾਰਨਾਂ ਕਰਕੇ। ਜ਼ਿਕਰਯੋਗ ਹੈ ਕਿ ਕਰੀਬ ਦੋ ਸਾਲ ਪਹਿਲਾਂ ਮੁਹੰਮਦ ਅਕਬਰ ਭੋਲੀ ਦੇ ਭਰਾ ਕੌਂਸਲਰ ਅਤੇ ਰਾਣੀ ਪੈਲੇਸ ਮਾਲਕ ਮੁਹੰਮਦ ਅਨਵਰ ਦਾ ਵੀ ਲੁਧਿਆਣਾ ਬਾਈਪਾਸ ਨੇਡ਼ੇ ਇਕ ਜਨਾਜ਼ੇ ’ਚ ਜਾਂਦੇ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਪੁਲੀਸ ਵੱਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਵੱਖ ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਪੁਖਤਾ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।