ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਰਿੰਕੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜਾ ਕੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। ਸੁਸ਼ੀਲ ਰਿੰਕੂ ਦੇ ਹੱਕ ‘ਚ ਕੀਤੇ ਰੋਡ ਸ਼ੋਅ ਦੌਰਾਨ ਕਈ ਸੀਨੀਅਰ ਲੀਡਰ ਮੌਜੂਦ ਹਨ। ਰਿੰਕੂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ‘ਆਪ’ ਲੀਡਰਸ਼ਿਪ ਦੇ ਨਾਲ ਗਏ। ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਹੋਰ ਮੰਤਰੀ ਅਤੇ ਲੀਡਰਸ਼ਿਪ ਸੁਸ਼ੀਲ ਰਿੰਕੂ ਦੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਗਏ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਨਾਮਜ਼ਗਦਗੀ ਪੱਤਰ ਭਰ ਕੇ ਦਿੱਤਾ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਅਤੇ ਭਾਜਪਾ ਨੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਬਣਾਇਆ ਹੈ। ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ‘ਚ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਭਾਜਪਾ ਡਰਦੀ ਹੈ। ਉਨ੍ਹਾਂ ਕਿਹਾ ਕਿ 10 ਸਾਲਾ ‘ਚ ਆਮ ਆਦਮੀ ਪਾਰਟੀ ਨੈਸ਼ਨਲ ਪਾਰਟੀ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਮਾਫੀਆ ਬਣਾਏ ਹੋਏ ਸਨ ਪਰ ਹੁਣ ਇਹ ‘ਝਾੜੂ’ ਪੂਰੇ ਦੇਸ਼ ‘ਚ ਫਿਰੇਗਾ। ਉਨ੍ਹਾਂ ਕਿਹਾ ਕਿ ਜਦੋਂ ਹੁਸ਼ਿਆਰਪੁਰ ਤੋਂ ਮੰਤਰੀ ਫੜਿਆ ਗਿਆ ਸੀ ਤਾਂ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਸੀ। ਆਪਣੀ ਸਰਕਾਰ ਦੀ ਇਕ ਸਾਲ ਦੀ ਪੰਜਾਬ ‘ਚ ਕੀਤੀ ਗਈ ਕਾਰਗੁਜ਼ਾਰੀ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜਲੰਧਰ ਵਾਲਿਆਂ ਨੇ ਪੰਜਾਬ ਦਾ ਮਾਣ ਰੱਖਣਾ ਹੈ ਅਤੇ ਇਸ ਵਾਰ ਲੁਟੇਰਿਆਂ ਨੂੰ ਭਜਾਉਣਾ ਹੈ।