ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਦਾ ਮਾਮਲਾ ਹਾਲੇ ਠੰਡਾ ਨਹੀਂ ਹੋਇਆ ਸੀ ਕਿ ਹੁਣ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਮੋਗਾ ਅਦਾਲਤ ‘ਚ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਦੌਰਾਨ ਇਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਇੰਚਾਰਜ ਕਿੱਕਰ ਸਿੰਘ ਮੁਸਕਰਾਉਂਦੇ ਹੋਏ ਲਾਰੈਂਸ ਬਿਸ਼ਨੋਈ ਦੀ ਪਿੱਠ ਥਪਥਪਾ ਰਹੇ ਹਨ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਮੋਗਾ ਪੁਲੀਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ। ਲਾਰੈਂਸ ਨੂੰ ਰਿਮਾਂਡ ‘ਤੇ ਲਿਆ ਕੇ 2021 ‘ਚ ਪਿੰਟਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਵੀ ਕੁਝ ਦਿਨ ਪਹਿਲਾਂ ਗਲਤੀ ਕੀਤੀ ਸੀ ਪਰ ਉਸ ਤੋਂ ਬਾਅਦ ਵੀ ਪੁਲੀਸ ਨੇ ਕੋਈ ਸਬਕ ਨਹੀਂ ਸਿੱਖਿਆ। ਇੰਨਾ ਹੀ ਨਹੀਂ ਮਰਹੂਮ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਪੁਲੀਸ ਅਤੇ ਗੈਂਗਸਟਰਾਂ ਦੇ ਸਬੰਧਾਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਪੁਲੀਸ ਅਤੇ ਪੰਜਾਬ ਸਰਕਾਰ ਜਾਂ ਸੂਬੇ ਦੇ ਪੁਲੀਸ ਅਧਿਕਾਰੀ ਇਸ ਮਾਮਲੇ ‘ਤੇ ਕੀ ਕਾਰਵਾਈ ਕਰਦੇ ਹਨ।