ਵਿਜੀਲੈਂਸ ਬਿਊਰੋ ਪੰਜਾਬ ਵਲੋਂ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਸਬੰਧੀ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਭਰਤ ਇੰਦਰ ਸਿੰਘ ਚਾਹਲ ਨੂੰ ਬੁਲਾਇਆ ਗਿਆ ਸੀ। ਦੋਵੇਂ ਹੀ ਨਹੀਂ ਪੁੱਜੇ ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਦੋਹਾਂ ਨੂੰ ਮੁੜ ਸੰਮਨ ਭੇਜ ਕੇ ਜਾਂਚ ‘ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਜਾਂਚ ‘ਚ ਸ਼ਾਮਲ ਹੋਣ ਲਈ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਬਿਊਰੋ ਦਫ਼ਤਰ ‘ਚ ਵੀਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੂਚਨਾ ਮੁਤਾਬਕ ਬ੍ਰਹਮ ਮਹਿੰਦਰਾ ਨੇ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਨੂੰ ਆਪਣੀ ਪੇਟ ਸਬੰਧੀ ਬੀਮਾਰੀ ਦਾ ਹਵਾਲਾ ਦਿੰਦਿਆਂ ਕੁਝ ਦਿਨਾਂ ਬਾਅਦ ਬੁਲਾਏ ਜਾਣ ਲਈ ਕਿਹਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਬ੍ਰਹਮ ਮਹਿੰਦਰਾ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਸਬੰਧੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਪਟਿਆਲਾ ਵਿਜੀਲੈਂਸ ਦਫ਼ਤਰ ‘ਚ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਚਾਹਲ ਵੀ ਵਿਜੀਲੈਂਸ ਦਫ਼ਤਰ ਨਹੀਂ ਪੁੱਜੇ ਜਿਸ ਤੋਂ ਬਾਅਦ ਚਾਹਲ ਨੂੰ ਮੁੜ ਸੰਮਨ ਜਾਰੀ ਕਰ ਕੇ 15 ਮਾਰਚ ਨੂੰ ਵਿਜੀਲੈਂਸ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।