ਇਕ ਹੋਰ ਸਾਬਕਾ ਕਾਂਗਰਸੀ ਮੰਤਰੀ ‘ਤੇ ਵਿਜੀਲੈਂਸ ਬਿਊਰੋ ਦੀ ਤਲਵਾਰ ਲਮਕ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਪੁੱਛਗਿੱਛ ਲਈ ਤਲਬ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਇਸ ਸਬੰਧੀ ਬੀਤੇ ਦਿਨ ਹੀ ਹਰੀ ਝੰਡੀ ਦੇ ਦਿੱਤੀ ਸੀ। ਸੋਨੀ ਅਜਿਹੇ ਚੌਥੇ ਕਾਂਗਰਸੀ ਨੇਤਾ ਹੋਣਗੇ ਜਿਸ ਨੂੰ ਵਿਜੀਲੈਂਸ ਹੱਥ ਪਾਉਣ ਲੱਗੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ‘ਤੇ ਸੋਨੀ ਨੂੰ ਤਲਬ ਕੀਤਾ ਹੈ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਸੋਨੀ ਦੀ ਆਮਦਨ ਅਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ ਤੇ ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਨੇ ਕਾਂਗਰਸੀ ਆਗੂ ਸੋਨੀ ਦੀਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਦਾ ਪੁਲੰਦਾ ਤਿਆਰ ਕੀਤਾ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸੀ ਆਗੂ ਸੋਨੀ ਦੇ ਨੇੜਲਿਆਂ ਅਤੇ ਰਿਸ਼ਤੇਦਾਰਾਂ ਦੀ ਸ਼ਨਾਖਤ ਕਰਨ ਮਗਰੋਂ ਉਨ੍ਹਾਂ ਦੇ ਨਾਮ ‘ਤੇ ਖਰੀਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਜ਼ਿਆਦਾ ਜਾਇਦਾਦਾਂ ਸ਼ਹਿਰੀ ਖੇਤਰਾਂ ‘ਚ ਸ਼ਨਾਖਤ ਹੋਈਆਂ ਹਨ ਤੇ ਦੂਸਰੇ ਸੂਬਿਆਂ ‘ਚ ਵੀ ਜਾਇਦਾਦਾਂ ਹੋਣ ਦੀਆਂ ਕਨਸੋਆਂ ਵਿਜੀਲੈਂਸ ਨੂੰ ਮਿਲੀਆਂ ਹਨ। ਵਿਜੀਲੈਂਸ ਬਿਊਰੋ ਇਸ ਕੇਸ ਦੀ ਗੁਪਤ ਤਰੀਕੇ ਨਾਲ ਪੜਤਾਲ ਕਰਨ ‘ਚ ਜੁਟੀ ਹੋਈ ਸੀ। ਇਕ ਸੀਨੀਅਰ ਵਿਜੀਲੈਂਸ ਅਧਿਕਾਰੀ ਨੇ ਸੋਨੀ ਨੂੰ ਤਲਬ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਅੰਮ੍ਰਿਤਸਰ ਦੇ ਸਰਕਟ ਹਾਊਸ ਦੀ ਲੀਜ਼ ਵਾਲੀ ਕੰਪਨੀ ਦਾ ਨਾਂ ਸੋਨੀ ਪਰਿਵਾਰ ਨਾਲ ਜੁੜਦੇ ਹੋਣ ਦਾ ਮੁੱਦਾ ਉੱਠਿਆ ਸੀ ਜਿਸ ਦੀ ਪੜਤਾਲ ਕਰਾਏ ਜਾਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ। ਇਸੇ ਤਰ੍ਹਾਂ ਕੋਵਿਡ ਮਹਾਮਾਰੀ ਦੌਰਾਨ ਖਰੀਦੇ ਸੈਨੀਟਾਈਜ਼ਰਾਂ ਦਾ ਮਾਮਲਾ ਵੀ ਉੱਠਿਆ ਸੀ। ਉਸ ਵਕਤ ਸੋਨੀ ਸਿਹਤ ਮੰਤਰੀ ਸੀ ਜਿਨ੍ਹਾਂ ‘ਤੇ ਇਹ ਉਂਗਲ ਉੱਠੀ ਸੀ ਕਿ ਸੈਨੀਟਾਈਜ਼ਰ ਤਿੰਨ ਗੁਣਾ ਵੱਧ ਕੀਮਤ ‘ਤੇ ਖਰੀਦੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਰਿਪੋਰਟ ਵੀ ਉਸ ਵੇਲੇ ਮੰਗੀ ਸੀ। ਸੂਤਰ ਦੱਸਦੇ ਹਨ ਕਿ ਵਿਜੀਲੈਂਸ ਵੱਲੋਂ ਨਾਲੋਂ-ਨਾਲ ਅੰਮ੍ਰਿਤਸਰ ਦੇ ਸਰਕਟ ਹਾਊਸ ਦੀ ਲੀਜ਼ ਆਦਿ ਮਾਮਲਾ ਵੀ ਪੜਤਾਲਿਆ ਜਾ ਰਿਹਾ ਹੈ। ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਜਿਨ੍ਹਾਂ ਅਸਾਸਿਆਂ ਦਾ ਚੋਣ ਕਮਿਸ਼ਨ ਕੋਲ ਵੱਖ ਵੱਖ ਸਮਿਆਂ ‘ਤੇ ਹਲਫੀਆ ਬਿਆਨ ਜ਼ਰੀਏ ਖੁਲਾਸਾ ਕੀਤਾ ਹੈ, ਉਨ੍ਹਾਂ ਨੂੰ ਦੇਖੀਏ ਤਾਂ ਉਨ੍ਹਾਂ ਦੀ ਜਾਇਦਾਦ ਛੜੱਪੇ ਮਾਰ ਕੇ ਵਧੀ ਹੈ। 2007 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੋਨੀ ਨੇ ਆਪਣੀ ਚੱਲ-ਅਚੱਲ ਜਾਇਦਾਦ 1.94 ਕਰੋੜ ਦੀ ਦੱਸੀ ਜੋ ਕਿ ਲੰਘੀਆਂ 2022 ਦੀਆਂ ਚੋਣਾਂ ਮੌਕੇ ਵਧ ਕੇ 27.98 ਕਰੋੜ ਦੀ ਹੋ ਗਈ ਹੈ। ਸੰਪਰਕ ਕਰਨ ‘ਤੇ ਸੋਨੀ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਨਾ ਉਨ੍ਹਾਂ ਨੂੰ ਸਰਕਾਰੀ ਤੌਰ ‘ਤੇ ਕੋਈ ਅਜਿਹੇ ਸੰਮਨ ਪ੍ਰਾਪਤ ਹੋਏ ਹਨ।