ਖਰੜ ਨੇੜੇ ਘੜੂੰਆਂ ਦੀ ਪ੍ਰਾਈਵੇਟ ਚੰਡੀਗੜ੍ਹ ਯੂਨੀਵਰਸਿਟੀ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਲ ਮਾਮਲੇ ‘ਚ ਹੰਗਾਮਾ ਵਧ ਜਾਣ ਤੇ ਭਾਰੀ ਰੋਸ ਪ੍ਰਦਰਸ਼ਨਾਂ ਕਰਕੇ 24 ਸਤੰਬਰ ਤੱਕ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਗਈ ਹੈ ਅਤੇ ਟੀਮ ‘ਚ ਤਿੰਨੇ ਮੈਂਬਰ ਔਰਤਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਬਣਾਈ ਗਈ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਵੱਲੋਂ ਕੀਤੀ ਜਾਵੇਗੀ। ਡੀ.ਜੀ.ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਾਈਵੇਸੀ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਨੇ ਸਭ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੁਲੀਸ ਨੇ ਕੁੜੀ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ. ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਵਾਂਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਅਸੀਂ ਸਭ ਸਮਾਜ ਦਾ ਹਿੱਸਾ ਹਾਂ ਅਤੇ ਸਮਾਜ ‘ਚ ਸ਼ਾਂਤੀ ਕਾਇਮ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਯੂਨੀਵਰਸਿਟੀ ‘ਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ‘ਚ ਹਲਚਲ ਮਚੀ ਹੋਈ ਹੈ। ਪੁਲੀਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਸ਼ਿਮਲਾ ਤੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਦੀਆਂ ਤਾਰਾਂ ਕਿੱਥੋਂ ਤੱਕ ਜੁੜੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਨੇ ਲਾਪ੍ਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਅਤੇ 24 ਸਤੰਬਰ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਹੋਸਟਲ ਦੇ ਸਮੇਂ ਤੇ ਵਿਦਿਆਰਥੀਆਂ ਦੀਆਂ ਹੋਰ ਮੰਗਾਂ ਸਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਵਿਦਿਆਰਥੀਆਂ ਤੇ ਸੀਨੀਅਰ ਅਹੁਦੇਦਾਰਾਂ ਦੀ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ।