1947 ‘ਚ ਦੇਸ਼ ਦੀ ਵੰਡ ਵੇਲੇ ਹਿੰਸਾ ਦਾ ਸ਼ਿਕਾਰ ਹੋ ਕੇ ਮਾਰੇ ਗਏ ਦਸ ਲੱਖ ਪੰਜਾਬੀਆਂ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਸਮੂਹਿਕ ਅਰਦਾਸ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ‘ਚ ਸ਼ਾਮਲ ਹੁੰਦਿਆਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਉਹ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ‘ਚ ਆਪੋ ਆਪਣੀਆਂ ਸੰਸਦ ‘ਚ ਸ਼ੋਕ ਮਤੇ ਪਾਸ ਕਰਨ। ਉਸ ਵੇਲੇ ਉਜਾੜੇ ਦਾ ਸ਼ਿਕਾਰ ਹੋਏ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀ ਜਨਮ ਭੋਇੰ ਵੇਖਣ ਵਾਸਤੇ ਵੀਜ਼ੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਵਰ੍ਹੇ ਬੀਤ ਗਏ ਹਨ ਅਤੇ ਆਜ਼ਾਦੀ ਦੇ ਜਸ਼ਨ ਮਨਾਉਂਦਿਆਂ ਇਹ ਆਜ਼ਾਦੀ ਦਿਵਸ ਧੂਮ ਧੜੱਕੇ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਉਸ ਵੇਲੇ ਵੰਡ ‘ਚ ਮਾਰੇ ਗਏ ਲੋਕਾਂ ਨੂੰ ਯਾਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਅੱਜ ਇਨ੍ਹਾਂ ਮਾਰੇ ਗਏ ਲੋਕਾਂ ਦੀ ਯਾਦ ‘ਚ ਸਮੂਹਿਕ ਅਰਦਾਸ ਕੀਤੀ ਗਈ ਹੈ। ਇਹ ਅਰਦਾਸ ਸਿਰਫ ਸ੍ਰੀ ਅਕਾਲ ਤਖ਼ਤ ਵਿਖੇ ਹੀ ਨਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਿਆਂ ‘ਚ ਵੀ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀ ਆਜ਼ਾਦੀ ‘ਚ ਜਿਨ੍ਹਾਂ ਦੋ ਸੂਬਿਆਂ ਪੰਜਾਬ ਅਤੇ ਬੰਗਾਲ ਨੇ ਅਹਿਮ ਭੂਮਿਕਾ ਨਿਭਾਈ ਸੀ ਉਨ੍ਹਾਂ ਦੋਹਾਂ ਸੂਬਿਆਂ ਨੂੰ ਹੀ ਵੰਡ ਵੇਲੇ ਸਜ਼ਾ ਦਿੱਤੀ ਗਈ ਹੈ। ਇਹ ਦੋਹਾਂ ਸੂਬਿਆਂ ਦੇ ‘ਚ ਵੰਡ ਹੋਈ ਅਤੇ ਲੋਕ ਵੰਡੇ ਗਏ ਤੇ ਮਾਰੇ ਗਏ। ਵੰਡ ਵੇਲੇ ਲੋਕਾਂ ਨੂੰ ਆਪਣੇ ਘਰ, ਕਾਰੋਬਾਰ ਅਤੇ ਪਰਿਵਾਰਾਂ ਦਾ ਵੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਵੰਡ ਵੇਲੇ ਦੇ ਪ੍ਰਭਾਵਤ ਇਹ ਲੋਕ ਅੱਜ ਇਸ ਵੇਲੇ ਵਡੇਰੀ ਉਮਰ ‘ਚ ਹਨ ਅਤੇ ਆਪਣੀ ਜਨਮ ਭੋਇੰ ਦੇਖਣਾ ਚਾਹੁੰਦੇ ਹਨ। ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਆਪਣੀ ਜਨਮ ਭੋਇੰ ਵੇਖਣ ਜਾਣ ਵਾਸਤੇ ਸੁਖਾਲੇ ਵੀਜ਼ੇ ਦੇਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਾਲ ਜਾਣ ਦੀ ਆਗਿਆ ਦੇਣ। ਅੱਜ ਦੀ ਸਮੂਹਿਕ ਅਰਦਾਸ ‘ਚ ਸਿੱਖ ਭਾਈਚਾਰੇ ਤੋਂ ਇਲਾਵਾ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਵੀ ਸ਼ਾਮਲ ਹੋਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰੀ ਤੇ ਸੰਗਤਾਂ ਹਾਜ਼ਰ ਸਨ।