ਮੁੱਖ ਮੰਤਰੀ ਭਗਵੰਤ ਮਾਨ ਨੇ ਵਜ਼ੀਫਾ ਘੁਟਾਲੇ ਦੀ ਜਾਂਚ ਲਈ ਹਰੀ ਝੰਡੀ ਦੇ ਦਿੱਤੀ ਹੈ। ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰਾਂ ਦੌਰਾਨ ਚਰਚਾ ‘ਚ ਰਹੇ ਵਜ਼ੀਫ਼ਾ ਘੁਟਾਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਵਜ਼ੀਫਾ ਘੁਟਾਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਵਿਜੀਲੈਂਸ ਦੇ ਹਵਾਲੇ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਇਸ ਘੁਟਾਲੇ ਦੀ ਜਾਂਚ ਦੇ ਆਦੇਸ਼ 13 ਜੁਲਾਈ ਨੂੰ ਦਿੱਤੇ ਸਨ। ਕੇਂਦਰ ਸਰਕਾਰ ਵੱਲੋਂ ਦਲਿਤਾਂ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਤਹਿਤ ਅਨੁਸੂਚਿਤ ਜਾਤੀ, ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਅਤੇ ਘੱਟ ਗਿਣਤੀ ਪਰਿਵਾਰਾਂ ਦੇ ਬੱਚਿਆਂ ਨੂੰ ਦਸਵੀਂ ਦੀ ਪੜ੍ਹਾਈ ਤੋਂ ਬਾਅਦ ਉਚੇਰੀ ਸਿੱਖਿਆ ਲਈ ਵਜ਼ੀਫਾ ਰਾਸ਼ੀ ਦਿੱਤੀ ਜਾਂਦੀ ਸੀ। ਇਹ ਘਪਲਾ ਤਕਰੀਬਨ 350 ਕਰੋੜ ਰੁਪਏ ਦਾ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾਵੇਗੀ। ਵਿਭਾਗੀ ਜਾਂਚਾਂ ਦੌਰਾਨ ਜੋ ਤੱਥ ਸਾਹਮਣੇ ਆਏ ਸਨ ਉਨ੍ਹਾਂ ਮੁਤਾਬਕ ਤਾਂ ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਸਬੰਧਤ ਸਿਆਸਤਦਾਨਾਂ ਸਮੇਤ ਅਫ਼ਸਰਾਂ ਅਤੇ ਵਿਦਿਅਕ ਸੰਸਥਾਵਾਂ ਦੇ ਮਾਲਕ ਵੀ ਫਸ ਸਕਦੇ ਹਨ। ਪੰਜਾਬ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ 700 ਕਰੋੜ ਰੁਪਏ ਸਾਲਾਨਾ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੂੰ ਰਾਸ਼ੀ ਦਿੱਤੀ ਜਾਂਦੀ ਸੀ ਜੋ ਵਿਦਿਆਰਥੀਆਂ ਨੂੰ ਵੰਡੀ ਜਾਣੀ ਹੁੰਦੀ ਸੀ। ਕੇਂਦਰ ‘ਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਤਾਂ ਪੂਰੀ ਰਾਸ਼ੀ ਦਿੰਦੀ ਸੀ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਯੋਜਨਾ ਤਹਿਤ 60 ਫੀਸਦੀ ਰਾਸ਼ੀ ਕੇਂਦਰ ਅਤੇ 40 ਫੀਸਦੀ ਰਾਜਾਂ ਵੱਲੋਂ ਦਿੱਤੇ ਜਾਣ ਦੀ ਵਿਵਸਥਾ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਸਰਕਾਰ ਇਨ੍ਹਾਂ ਬੇਨਿਯਮੀਆਂ ਦੀ ਪੂਰੀ ਸਚਾਈ ਸਾਹਮਣੇ ਲਿਆਉਣ ਲਈ ਵਚਨਬੱਧ ਹੈ ਤਾਂ ਕਿ ਮੁਲਜ਼ਮਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਹੋਵੇ। ਮੁੱਖ ਮੰਤਰੀ ਨੇ ਕਿਹਾ ਸੀ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਅਜਿਹੇ ਸਿਆਸਤਦਾਨਾਂ ਤੇ ਅਫ਼ਸਰਸ਼ਾਹਾਂ ਦੀ ਪੁਸ਼ਤਪਨਾਹੀ ਕਰਦੀਆਂ ਰਹੀਆਂ, ਜੋ ਇਸ ਘੁਟਾਲੇ ‘ਚ ਸ਼ਾਮਲ ਸਨ। ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਇਸ ਮਾਮਲੇ ‘ਚ ਅਕਾਲੀ, ਭਾਜਪਾ ਤੇ ਕਾਂਗਰਸ ਲੀਡਰਸ਼ਿਪ ਨੇ ਇਕ-ਦੂਜੇ ਨਾਲ ਮਿਲੀਭੁਗਤ ਕਰ ਲਈ ਸੀ ਤਾਂ ਜੋ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲਿਆਂ ਉਤੇ ਕਾਰਵਾਈ ਕਰਨ ਤੋਂ ਬਚਾਅ ਕੀਤਾ ਜਾ ਸਕੇ। ਇਸ ਮਾਮਲੇ ਦਾ ਮਹੱਤਵਪੂਰਨ ਪਹਿਲੂ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਤਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਵਜ਼ੀਫ਼ਾ ਘੁਟਾਲੇ ‘ਚ ਸ਼ਮੂਲੀਅਤ ਦੇ ਤੱਥ ਇਕ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵੱਲੋਂ ਹੀ ਸਾਹਮਣੇ ਰੱਖੇ ਗਏ ਸਨ ਪਰ ਸਰਕਾਰ ਨੇ ਕਲੀਨ ਚਿੱਟ ਦੇ ਦਿੱਤੀ ਸੀ।