ਕੁਝ ਸਮਾਂ ਪਹਿਲਾਂ ਕਤਲ ਕਰ ਦਿੱਤੇ ਗਏ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ‘ਚ ਲੋੜੀਂਦੇ ਮੁਲਜ਼ਮ ਗੁਰਵਿੰਦਰ ਸਿੰਘ ਉਰਫ ਬਾਬਾ ਉਰਫ ਰਾਜਾ ਨੂੰ ਵੈਰੋਵਾਲ ਪੁਲੀਸ ਨੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗੁਰਵਿੰਦਰ ਬਾਬਾ ਦੇ ਦੋ ਸਾਥੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਅਵਾਣ ਅਤੇ ਗੁਰਪ੍ਰੀਤ ਸਿੰਘ ਉਰਫ਼ ਰੰਧਾਵਾ ਵਾਸੀ ਬਟਾਲਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ ਹੈਂਡ ਗ੍ਰਨੇਡ, ਇਕ ਆਰ.ਡੀ.ਐਕਸ-ਆਈ.ਈ.ਡੀ., ਦੋ .30 ਬੋਰ ਦੇ ਪਿਸਤੌਲ ਸਮੇਤ ਮੈਗਜ਼ੀਨ ਅਤੇ 13 ਕਾਰਤੂਸ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫ਼ੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮਿਤਸੂਬਿਸ਼ੀ ਲਾਂਸਰ ਕਾਰ ਬਰਾਮਦ ਕੀਤੀ ਹੈ। ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ ਜਸਕਰਨ ਸਿੰਘ ਅਤੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਮੌਕੇ ਦੱਸਿਆ ਕਿ ਐੱਨ.ਆਈ.ਏ. ਵੱਲੋਂ ਭਗੌੜਾ ਕਰਾਰ ਦਿੱਤੇ ਗਏ ਗੁਰਵਿੰਦਰ ਸਿੰਘ ਉਰਫ਼ ਬਾਬਾ ਨੇ ਨਿਸ਼ਾਨੇਬਾਜ਼ਾਂ ਨੂੰ ਹਥਿਆਰ ਮੁਹੱਈਆ ਕਰਵਾ ਕੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ‘ਚ ਅਹਿਮ ਭੂਮਿਕਾ ਨਿਭਾਈ ਸੀ। ਗੁਰਵਿੰਦਰ ਬਾਬਾ, ਦਰਅਸਲ, ਗੈਂਗਸਟਰਾਂ ਸੁਖਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ਼ ਸੁੱਖ ਬਿਖਾਰੀਵਾਲ ਦਾ ਨਜ਼ਦੀਕੀ ਸਾਥੀ ਹੈ ਜੋ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮੁੱਖ ਸ਼ੱਕੀ ਹਨ। ਪੁਲੀਸ ਅਧਿਕਾਰੀਆਂ ਦੱਸਿਆ ਕਿ ਬਰਾਮਦ ਕੀਤੇ ਗਏ ਧਮਾਕਾਖੇਜ਼ ਸਮੱਗਰੀ ਅਤੇ ਹਥਿਆਰ ਤੇ ਗੋਲਾ ਬਾਰੂਦ ਦੀ ਵਰਤੋਂ ਸ਼ਾਂਤੀ ਤੇ ਸਦਭਾਵਨਾ ਭੰਗ ਕਰਨ ਅਤੇ ਪੰਜਾਬ ‘ਚ ਸੁਤੰਤਰਤਾ ਦਿਵਸ ਜਾਂ ਇਸਦੇ ਨੇੜੇ-ਤੇੜੇ ਦਹਿਸ਼ਤ ਪੈਦਾ ਕਰਨ ਲਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਬਾਬਾ ਦੇ ਆਪਣੇ ਸਾਥੀ ਸੰਦੀਪ ਨਾਲ ਖਡੂਰ ਸਾਹਿਬ ਜਾਣ ਬਾਰੇ ਪੁਖਤਾ ਜਾਣਕਾਰੀ ਮਿਲਣ ‘ਤੇ ਤਰਨ ਤਾਰਨ ਪੁਲੀਸ ਨੇ ਇਕ ਚਿੱਟੇ ਰੰਗ ਦੀ ਲਾਂਸਰ ਕਾਰ ਰੋਕ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਤੀਜੇ ਸ਼ੱਕੀ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਉਥੋਂ ਥੋੜ੍ਹੀ ਦੂਰੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ‘ਚ ਗੁਰਵਿੰਦਰ ਬਾਬਾ ਵੱਲੋਂ ਜਾਣਕਾਰੀ ਦੇਣ ਤੋਂ ਬਾਅਦ ਪੁਲੀਸ ਨੇ ਪੁਲੀਸ ਜ਼ਿਲ੍ਹਾ ਬਟਾਲਾ ਦੇ ਖੇਤਰ ‘ਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇਕ ਆਰ.ਡੀ.ਐਕਸ-ਆਈ.ਈ.ਡੀ. ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਲੱਗ ਰਿਹਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ।