ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਤੇਜ਼ੀ ਨਾਲ ਸ਼੍ਰੋਮਣੀ ਅਕਾਲੀ ਦਲ ‘ਚ ਉੱਠਿਆ ਵਿਵਾਦ ਘਮਸਾਣ ਬਣ ਕੇ ਹੋਰ ਤੇਜ਼ ਹੋ ਗਿਆ ਹੈ। ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਹੋਣ ਦੀ ਚਰਚਾ ਦਰਮਿਆਨ ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਧਮਾਕਾ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਮਨਪ੍ਰੀਤ ਸਿੰਘ ਇਆਲੀ ਤੇ ਜਗਮੀਤ ਸਿੰਘ ਬਰਾੜ ਸਮੇਤ ਕਈ ਅਕਾਲੀ ਆਗੂਆਂ ਵੱਲੋਂ ਇਕੱਠੇ ਹੋ ਕੇ ਮੀਟਿੰਗ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਵੀ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾਈ ਹੈ। ਸੁਖਬੀਰ ਸਿੰਘ ਬਾਦਲ ਨੇ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਗੱਲ ਆਖੀ ਹੈ ਪਰ ਇਸ ਦੇ ਬਾਵਜੂਦ ਵਿਰੋਧੀ ਧੜਾ ਪਾਰਟੀ ਦੀ ਲੀਡਰਸ਼ਿਪ ‘ਚ ਬਦਲਾਅ ਨੂੰ ਲੈ ਕੇ ਲਗਾਤਾਰ ਸਰਗਰਮੀਆਂ ਤੇਜ਼ ਕਰ ਰਿਹਾ ਹੈ। ਇਸ ਸਭ ਦੇ ਦਰਮਿਆਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਕਦਮ ਚੁੱਕਦਿਆਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਇਸ ਕਮੇਟੀ ਦਾ ਚੇਅਰਮੈਨ ਲਗਾਇਆ ਹੈ। ਮਲੂਕਾ ਤੋਂ ਇਲਾਵਾ ਇਸ ਕਮੇਟੀ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਸਾਰੇ ਸੁਖਬੀਰ ਬਾਦਲ ਦੇ ਭਰੋਸੇਮੰਦ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਲੀਡਰਸ਼ਿਪ ਨੇ ਸਾਫ ਆਖਿਆ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੁਝਾਅ ਨੂੰ ਸਿਰਫ ਪਾਰਟੀ ਪਲੇਟਫਾਰਮ ‘ਤੇ ਹੀ ਰੱਖਿਆ ਜਾਵੇ ਜਿਸ ਦਾ ਸਵਾਗਤ ਕੀਤਾ ਜਾਵੇਗਾ। ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀ ਕੋਈ ਵੀ ਕਾਰਗੁਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਹੜੀ ਪਾਰਟੀ, ਪੰਥ ਅਤੇ ਪੰਜਾਬ ਲਈ ਨੁਕਸਾਨਦੇਹ ਹੋਵੇ। ਅਕਾਲੀ ਦਲ ਦੇ ਬਾਗੀ ਧੜੇ ‘ਚ ਸਭ ਤੋਂ ਮੋਹਰੀ ਭੂਮਿਕਾ ਨਿਭਾਅ ਰਹੇ ਮਨਪ੍ਰੀਤ ਇਆਲੀ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਬਰਾੜ ਵਲੋਂ ਦੂਜੇ ਆਗੂਆਂ ਨਾਲ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦੇ ਘਰ ਪਹੁੰਚੇ ਇਆਲੀ ਨੇ ਕਿਹਾ ਕਿ ਸਾਡਾ ਏਜੰਡਾ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਜਿਸ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਉਨ੍ਹਾਂ ਦਾ ਇਕ ਵਫਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨੂੰ ਵਰਕਰਾਂ ਦੀ ਰਾਏ ਬਾਰੇ ਜਾਣੂ ਕਰਵਾਇਆ ਜਾਵੇਗਾ।